ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 4 ਜੁਲਾਈ
ਕਰੋਨਾਵਾਇਰਸ ‘ਤੇ ਕਾਬੂ ਪਾਉਣ ਲਈ ਰਾਜ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤੇ ਇਸ ਸੰਕਟ ’ਤੇ ਫ਼ਤਹਿ ਪਾਉਣ ਲਈ ਹਰ ਜ਼ਿਲ੍ਹਾ ਵਾਸੀ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਤੋਂ ਪਸ਼ੂ ਪਾਲਣ ਵਿਭਾਗ ਵੱਲੋਂ ਮਿਸ਼ਨ ਫ਼ਤਹਿ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਵੇਲੇ ਕੀਤਾ।
ਉਨ੍ਹਾਂ ਕਿਹਾ ਕਿ ਸਾਈਕਲ ਰੈਲੀ ਦਾ ਮੰਤਵ ਲੋਕਾਂ ਨੂੰ ਕੋਵਿਡ ਦੇ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਅਤੇ ਨਿਰੋਗ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਕੇਸ਼ ਗਰੋਵਰ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸੰਜੀਵ ਸਿਨੇਮਾ ਚੌਕ, ਗਊਸ਼ਾਲਾ ਰੋਡ, ਅੰਡਰਬ੍ਰਿਜ, ਡੀ.ਸੀ. ਰੈਜ਼ੀਡੈਂਸ, ਘੰਟਾ-ਘਰ ਚੌਕ, ਗਾਂਧੀ ਮੁਹੱਲਾ ਤੋਂ ਹੁੰਦੀ ਹੋਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਸਮਾਪਤ ਹੋਈ।
ਜ਼ੀਰਾ (ਪੱਤਰ ਪ੍ਰੇਰਕ): ਇਥੇ ਡਾ. ਬਲਕਾਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਪੀਐਚਸੀ ਕੱਸੋਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਕਰੋਨਾ ਨਾਲ ਲੜਣ ਲਈ ਲੋਕਾਂ ਨੂੰ ਘਰ- ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਮਾਨਸਾ (ਨਿੱਜੀ ਪੱਤਰ ਪ੍ਰੇਰਕ): ਕੋਵਿਡ ’ਤੇ ਫ਼ਤਹਿ ਪਾਉਣ ਲਈ ਸਿਹਤ ਬਲਾਕ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਸਿਹਤ ਕਰਮੀਆਂ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਗਿਆ। ਐੱਸਐੱਮਓ ਖਿਆਲਾ ਡਾ. ਭੁੱਲਰ ਨੇ ਦੱਸਿਆ ਕਿ ਕੋਵਾ ਐਪ ਰਾਹੀਂ ਬਚਾਅ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਕਰੋਨਾ ਤੋਂ ਬਚਣ ਲਈ ਸੈਮੀਨਾਰ
ਭਗਤਾ ਭਾਈ (ਪੱਤਰ ਪ੍ਰੇਰਕ): ਐੱਸਐੱਮਓ ਡਾ.ਰਾਜਪਾਲ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਭਗਤਾ ਭਾਈ ਵਿੱਚ ਮਿਸ਼ਨ ਫ਼ਤਹਿ ਤਹਿਤ ਕਰੋਨਾ ਤੋਂ ਬਚਾਓ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਤੋਂ ਇਲਾਵਾ ਬਲਾਕ ਭਗਤਾ ਦੇ ਪਿੰਡਾਂ ਵਿੱਚ ਪੰਚਾਇਤਾਂ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਸਿਹਤ ਮੁਲਾਜ਼ਮਾਂ ਦਾ ਬੈਚ ਲਗਾ ਕੇ ਸਨਮਾਨ ਕੀਤਾ ਗਿਆ। ਬਲਾਕ ਐਜੂਕੇਟਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜੋ ਹਦਾਇਤਾਂ ਅਤੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉਸ ਦਾ ਪਾਲਣ ਕੀਤਾ ਜਾਵੇ।