ਪੱਤਰ ਪ੍ਰੇਰਕ
ਗਿੱਦੜਬਾਹਾ, 24 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਪਿੰਡ ਛੱਤੇਆਣਾ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਬਦਲੇ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 60 ਹਜ਼ਾਰ ਰੁਪਏ ਅਤੇ ਮਜ਼ਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਨਹੀਂ ਤਾਂ ਕਿਸਾਨ ਸੂਬਾ ਕਮੇਟੀ ਦੇ ਸੱਦੇ ’ਤੇ 25 ਅਕਤੂਬਰ ਨੂੰ ਬਠਿੰਡਾ ਸਕੱਤਰੇਤ ਦਾ ਘਿਰਾਓ ਕਰਨਗੇ। ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਨਰਮੇ ਨੂੰ ਗੁਲਾਬੀ ਸੁੰਡੀ ਦੀ ਮਾਰ ਉਪਰੰਤ 9 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਿੱਤੀ। ਹਲਕਾ ਜਨਰਲ ਸਕੱਤਰ ਸੁੱਚਾ ਸਿੰਘ ਕੋਟਭਾਈ ਨੇ ਕਿਹਾ ਕਿ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਫਰੀਦਕੋਟ ਜ਼ਿਲ੍ਹਿਆਂ ’ਚ ਵੱਡੇ ਪੱਧਰ ’ਤੇ ਨਰਮਾ ਅਤੇ ਹੋਰ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਨਕਲੀ ਬੀਜ ਵੇਚਣ ਵਾਲੀਆਂ ਕੰਪਨੀਆਂ ਅਤੇ ਜਿੰਮੇਵਾਰ ਅਧਿਕਾਰੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।