ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 26 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਹੋਰਨਾਂ ਸੂਬਾ ਆਗੂਆਂ ਨੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕੁੱਝ ਆਗੂਆਂ ਵੱਲੋਂ ਹਰਨੇਕ ਸਿੰਘ ਮਹਿਮਾ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸਾਥੀ ਹਰਨੇਕ ਸਿੰਘ ਮਹਿਮਾ ਉਨ੍ਹਾਂ ਦੀ ਜਥੇਬੰਦੀ ਦਾ ਬੇਹੱਦ ਸੁਹਿਰਦ, ਸੰਜੀਦਾ ਤੇ ਸੂਝਵਾਨ ਆਗੂ ਹੈ। ਉਸ ਨੇ ਚੋਣ ਪ੍ਰਚਾਰ ਲਈ ਪਿੰਡਾਂ ਵਿੱਚ ਆਏ ਸਿਆਸੀ ਆਗੂਆਂ ਤੋਂ ਠਰੰਮੇ ਨਾਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਸਬੰਧੀ ਸਵਾਲ ਕੀਤੇ ਹਨ ਤੇ ਅਜਿਹਾ ਕਰ ਕੇ ਉਸ ਨੇ ਕੁੱਝ ਵੀ ਗਲਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਗੁਰਮੀਤ ਸਿੰਘ ਮਹਿਮਾ ਵੱਲੋਂ ਹਰਨੇਕ ਸਿੰਘ ਮਹਿਮਾ ਖ਼ਿਲਾਫ਼ ਵਿੱਢੀ ਗਈ ਮੁਹਿੰਮ ਸਾਂਝੇ ਕਿਸਾਨ ਮੋਰਚੇ ਨੂੰ ਢਾਹ ਲਾਉਣ ਵਾਲੀ ਅਤੇ ਅਤਿ ਨਿੰਦਣਯੋਗ ਕਾਰਵਾਈ ਹੈ।
ਕਿਸਾਨਾਂ ਨੂੰ ਰਿਲਾਇੰਸ ਦੇ ਮਾਲ ਖੋਲ੍ਹਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ‘ਰਿਲਾਇੰਸ ਮਾਲ ਮਾਲਕ ਜਥੇਬੰਦੀ’ ਦੇ ਬੁਲਾਰੇ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰਿਲਾਇੰਸ ਕੰਪਨੀ ਦੇ ਮਾਲ ਖੋਲ੍ਹਣ ਦੀ ਇਜਾਜ਼ਤ ਦੇ ਦੇਣ। ਉਨ੍ਹਾਂ ਦੱਸਿਆ ਕਿ ਬਹੁਤੇ ਮਾਲ ਮਾਲਕਾਂ ਦੀਆਂ ਕਰਜ਼ੇ ਦੀਆਂ ਲੱਖਾਂ ਰੁਪਏ ਦੀਆਂ ਕਿਸ਼ਤਾਂ ਟੁੱਟ ਗਈਆਂ ਹਨ। 5 ਹਜ਼ਾਰ ਕਾਮਿਆਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ ਤੇ ਦੂਜੇ ਪਾਸੇ ਕੰਪਨੀ ਦੀ ਸਿਹਤ ਉਪਰ ਇਸ ਦਾ ਕੋਈ ਅਸਰ ਨਹੀਂ ਹੈ।