ਸ਼ਗਨ ਕਟਾਰੀਆ
ਬਠਿੰਡਾ, 15 ਸਤੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਾਅਵਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਰੋਸ ਵਜੋਂ ਲੰਘੇ ਤਿੰਨ ਦਿਨਾਂ ਦੌਰਾਨ ਪਿੰਡਾਂ ’ਚ 1500 ਥਾਈਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਉਨ੍ਹਾਂ ਕਿਹਾ ਕਿ ਗੂੰਗੀ-ਬੋਲੀ ਕੈਪਟਨ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਕੋਈ ਮੰਗ ਨਹੀਂ ਮੰਨੀ ਜਾ ਰਹੀ ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਅਖਾੜੇ ’ਚ ਆਉਣਾ ਪਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੈ ਅਤੇ ਰੋਜ਼ਾਨਾ 500 ਪਿੰਡਾਂ ਵਿੱਚ ਪੁਤਲੇ ਫੂਕੇ ਜਾਣਗੇ । ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਵਿੱਚੋਂ ਪ੍ਰੀ ਨਰਸਰੀ ਕਲਾਸਾਂ ਵਿਚ ਲਏ ਬੱਚਿਆਂ ਨੂੰ ਵਾਪਸ ਕੇਂਦਰਾਂ ’ਚ ਭੇਜੇ। ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਿਹਨਤਾਨਾ ਰਾਸ਼ੀ ਦੇਵੇ। ਉਨ੍ਹਾਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਕਾਂਗਰਸ ਨੂੰ ਆਗ਼ਾਮੀ ਵਿਧਾਨ ਸਭਾ ਚੋਣਾਂ ’ਚ ਵੱਡਾ ਸਬਕ ਸਿਖਾਉਣ ਦੀ ਗੱਲ ਕਹੀ।