ਪਰਸ਼ੋਤਮ ਬੱਲੀ
ਬਰਨਾਲਾ, 8 ਨਵੰਬਰ
ਜ਼ਿਲ੍ਹੇ ਅਧੀਨ ਪਿੰਡ ਰਾਜੀਆ ਦਾ ਕਿਸਾਨ ਸੁਖਵਿੰਦਰ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਦੀ ਵਾਤਾਵਰਨ ਪੱਖੀ ਸੰਭਾਲ ਕਰ ਰਿਹਾ ਹੈ, ਜਿਸ ‘ਤੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਬਲਦੇਵ ਸਿੰਘ ਨੇ ਕਿਸਾਨ ਦੀ ਸ਼ਲਾਘਾ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਦੇ ਖੇਤਾਂ ਦਾ ਦੌਰਾ ਕਰਦੇ ਹੋਏ ਦੱਸਿਆ ਕਿ ਸੁਖਵਿੰਦਰ ਸਿੰਘ ਨੇ 40 ਏਕੜ ਰਕਬੇ ਵਿੱਚ ਪਰਾਲੀ ਦੀ ਸੰਭਾਲ ਗੱਠਾਂ ਬਣਾ ਕੇ ਕੀਤੀ ਹੈ। ਉਹ ਬੇਲਰ ਦੀ ਵਰਤੋਂ ਕਰਕੇ ਆਪਣੇ ਨਾਲ-ਨਾਲ ਦੂਜੇ ਕਿਸਾਨਾਂ ਦੀ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸੁਖਵਿੰਦਰ ਸਿੰਘ ਨੂੰ ਖੇਤੀਬਾੜੀ ਵਿਭਾਗ ਵੱਲੋਂ 50 ਫ਼ੀਸਦੀ ਸਬਸਿਡੀ ‘ਤੇ ਬੇਲਰ ਮੁਹੱਈਆ ਕਰਾਇਆ ਗਿਆ ਹੈ, ਜਿਸ ਨਾਲ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਉਪਜਾਊ ਸ਼ਕਤੀ ਘਟਦੀ ਹੈ, ਕਿਉਂਕਿ ਹੋਰ ਛੋਟੇ ਤੱਤ ਸੜਕੇ ਸੁਆਹ ਹੋ ਜਾਂਦੇ ਹਨ।
ਪਿੰਡ ਚੰਦਬਾਜਾ ਦੇ ਗੁਰਪ੍ਰੀਤ ਸਿੰਘ ਨੇ ਚਾਰ ਸਾਲਾਂ ਤੋਂ ਨਹੀਂ ਸਾੜੀ ਪਰਾਲੀ
ਕੋਟਕਪੂਰਾ (ਟਨਸ): ਪਿੰਡ ਚੰਦਬਾਜਾ ਦਾ ਕਿਸਾਨ ਗੁਰਪ੍ਰੀਤ ਸਿੰਘ ਪਿਛਲੇ 4 ਸਾਲ ਤੋਂ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾ ਕੇ ਚੰਗੀ ਫਸਲ ਪ੍ਰਾਪਤ ਕਰਕੇ ਜਿੱਥੇ ਅਗਾਂਹ ਵਧੂ ਕਿਸਾਨ ਵਜੋਂ ਉੱਭਰਿਆ ਹੈ, ਉੱਥੇ ਉਸ ਨੇ ਦੂਸਰੇ ਕਿਸਾਨਾਂ ਨੂੰ ਵੀ ਕੁਦਰਤੀ ਖੇਤੀ ਕਰਨ, ਵਾਤਾਵਰਨ ਦੀ ਸੰਭਾਲ ਅਤੇ ਇਸ ਦੇ ਚੰਗੇ ਪੱਖਾਂ ਲਈ ਪ੍ਰੇਰਿਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਤੋਂ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਰੋਟਾਵੇਟਰ ਦੀ ਸਹਾਇਤ ਨਾਲ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਪਿਛਲੇ 6 ਸਾਲਾਂ ਤੋਂ ਕਣਕ ਦੇ ਨਾੜ ਨੂੰ ਵੀ ਅੱਗ ਨਹੀਂ ਲਗਾਈ। ਉਸ ਨੇ ਦੱਸਿਆ ਕਿ ਪਹਿਲਾਂ ਉਹ ਆਪਣੇ ਖੇਤ ਵਿੱਚ ਪਰਾਲੀ ਨੂੰ ਖਿਲਾਰ ਦਿੰਦਾ ਹੈ ਅਤੇ ਫਿਰ ਤਵੀਆਂ ਦੀ ਸਹਾਇਤਾ ਨਾਲ ਪਰਾਲੀ ਨੂੰ ਵਾਹ ਕੇ ਉਥੇ ਸੁਪਰ ਸੀਡਰ ਅਤੇ ਰੋਟਾਵੇਟਰ ਦੀ ਸਹਾਇਤਾ ਨਾਲ ਕਣਕ ਦੀ ਬਿਜਾਈ ਕਰਦਾ ਹੈ। ਉਸ ਨੇ ਕਿਹਾ ਕਿ ਗੁਰਬਾਣੀ ਤੋਂ ਸੇਧ ਲੈ ਕੇ ਉਸ ਨੇ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਲਿਆ। ਉਸ ਨੇ ਦੱਸਿਆ ਕਿ ਉਹ ਅੱਗੇ ਤੋਂ ਵੀ ਪਰਾਲੀ ਨੂੰ ਅੱਗ ਨਹੀਂ ਲਗਾਏਗਾ।