ਐੱਨਪੀ ਸਿੰਘ
ਬੁਢਲਾਡਾ, 1 ਮਈ
ਇੱਥੇ ਅੱਜ ਨੌਂਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ 400ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸਮਾਗਮ ਸ਼ਹਿਰ ਦੇ ਗੁਰਦੁਆਰਾ ਗੁਰੂ ਤੇਗ ਬਹਾਦਰ ਪਾਤਸ਼ਾਹੀ ਨੌਂਵੀ ਵਿਖੇ ਹੋਏ। ਇਸ ਮੌਕੇ ਸੁਰੀਲੇ ਰਾਗੀ ਜਥਿਆਂ ਨੇ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਉੱਤੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਗੁਰੂ ਦੀਆਂ ਸੰਗਤਾਂ ਨੂੰ ਸ਼ਬਦ-ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਖੰਡੇ-ਬਾਟੇ ਦਾ ਅੰਮ੍ਰਿਤ ਛਕਣ ਲਈ ਲੋਕਾਂ ਨੂੰ ਪ੍ਰੇਰਣਾ ਦਿੱਤੀ ਗਈ। ਇਸ ਮੌਕੇ ਜਥੇਦਾਰ ਤਾਰਾ ਸਿੰਘ ਵਿਰਦੀ, ਗਿਆਨ ਸਿੰਘ ਗਿੱਲ, ਭਾਈ ਅਮਨਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਣੀ ਬਾਣੇ ਨਾਲ ਜੁੜ ਕੇ ਖੰਡੇ-ਬਾਟੇ ਦਾ ਪਵਿੱਤਰ ਅੰਮ੍ਰਿਤ ਵੀ ਪ੍ਰਵਾਨ ਕਰਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।
ਸ਼ਹਿਣਾ (ਪੱਤਰ ਪ੍ਰੇਰਕ): ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।
ਚਾਲੀ ਮੁਕਤਿਆਂ ਦੀ ਯਾਦ ’ਚ ਨਗਰ ਕੀਰਤਨ ਸਜਾਇਆ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ ਵਿੱਚ ਸਜਾਇਆ ਗਿਆ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਮੈਨੇਜਰ ਬਲਦੇਵ ਸਿੰਘ ਅਤੇ ਗੁਰਦੁਆਰਾ ਸਾਹਿਬ ਦਾ ਹੋਰ ਸਟਾਫ ਹਾਜ਼ਰ ਸੀ।