ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਪਿੰਡ ਭੋਤਨਾ ਵਿੱਚ ਕਿਸਾਨਾਂ ਵੰਲੋਂ ਪਰਾਲੀ ਨੂੰ ਅੱਗ ਲਗਾਉਣ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ ਉਪਰ ਪਹੁੰਚ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਐੱਸਡੀਐੱਮ ਤਪਾ ਰਿਸ਼ਭ ਬਾਂਸਲ ਦੀ ਅਗਵਾਈ ਵਿੱਚ ਸਿਵਲ ਤੇ ਪੁਲੀਸ ਅਧਿਕਾਰੀਆਂ ਨੇ ਪਿੰਡ ਭੋਤਨਾ ਵਿੱਚ ਤਿੰਨ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਅੱਗ ਨੂੰ ਮੌਕੇ ’ਤੇ ਜਾ ਕੇ ਦੇਖਿਆ ਅਤੇ ਸਬੰਧਤ ਕਲੱਸਟਰ ਅਫ਼ਸਰ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਗਏ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੋਂ ਜੁਰਮਾਨਾ ਰਕਮ ਵੀ ਵਸੂਲ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਹੋਣ ਕਾਰਨ ਕੋਈ ਵੀ ਕਿਸਾਨ ਜਥੇਬੰਦੀ ਜਾਂ ਉਨ੍ਹਾਂ ਦਾ ਆਗੂ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕਰਨ ਲਈ ਨਾ ਪੁੱਜਾ। ਅਧਿਕਾਰੀਆਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ। ਅੱਗ ਲਗਾਉਣ ਨਾਲ ਧਰਤੀ ਵਿਚਲੇ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਹੜੇ ਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਮਦਦ ਕਰਦੇ ਹਨ। ਦੂਜੇ ਪਾਸੇ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦਾ ਬਹੁਤ ਨੁਕਸਾਨ ਹੁੰਦਾ ਹੈ ਜਿਸ ਕਾਰਨ ਬਿਮਾਰੀਆਂ ਵੱਧਦੀਆਂ ਹਨ।