ਪੱਤਰ ਪ੍ਰੇਰਕ
ਜੈਤੋ, 27 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛ-ਪੜਤਾਲ ਖ਼ਿਲਾਫ਼ ਕਾਂਗਰਸ ਵੱਲੋਂ ਦਿੱਤੇ ਸੱਤਿਆਗ੍ਰਹਿ ਦੇ ਸੱਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਇਥੇ ਰਾਮਲੀਲਾ ਗਰਾਊਂਡ ਵਿੱਚ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।
ਬਰਨਾਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਕਾਂਗਰਸ ਵੱਲੋਂ ਸੱਤਿਆਗ੍ਰਹਿ ਦੇ ਸੱਦੇ ਤਹਿਤ ਕੇਂਦਰ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਸ਼ਹੀਦ ਭਗਤ ਸਿੰਘ ਦੇ ਬੁੱਤ ਨਜ਼ਦੀਕ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਦੀ ਅਗਵਾਈ ਹੇਠ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਮਨੀਸ਼ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਮਨੀਸ਼ ਬਾਂਸਲ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਮੇਤ ਪਰਿਵਾਰ ਸਿਆਸੀ ਬਦਲਾਖੋਰੀ ਤਹਿਤ ਕੇਂਦਰੀ ਹਕੂਮਤ ਦੇ ਇਸ਼ਾਰੇ ’ਤੇ ਈਡੀ ਵੱਲੋਂ ਲਗਾਤਾਰ ਪੁੱਛ-ਪੜਤਾਲ ਦੇ ਨਾਂ ਹੇਠ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ ਕਾਲਾ ਢਿੱਲੋਂ, ਐਮਸੀ ਅਜੇ ਕੁਮਾਰ ਤੇ ਐਮਸੀ ਗੁਰਪ੍ਰੀਤ ਸਿੰਘ ਕਾਕਾ ਆਦਿ ਹਾਜ਼ਰ ਸਨ।