ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਦਸੰਬਰ
ਸੂਬੇ ਦੀਆਂ 9 ਨਗਰ ਨਿਗਮਾਂ ਤੇ 109 ਕੌਂਸਲ ਚੋਣਾਂ ਲਈ ਵਫਾਦਾਰੀਆਂ ਦੇ ਵਟਾਂਦਰੇ ਦੀ ਰੁੱਤ ਪੂਰੇ ਜ਼ੋਬਨ ਉਤੇ ਹੈ। ਇਥੇ ਦਰਜਨ ਤੋਂ ਵੱਧ ਅਕਾਲੀ-ਭਾਜਪਾ ਸਾਬਕਾ ਕੌਂਸਲਰਾਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਹੋਈ। ਚੋਣਾਂ ਨੂੰ ਲੈ ਕੇ ਸਥਾਨਕ ਹਾਕਮ ਧਿਰ ਵਿਧਾਇਕ ਹਰਜੋਤ ਕਮਲ ਸਿੰਘ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ਇੰਦਰ ਸਿੰਘ ਦਰਮਿਆਨ ਖੁੱਲ੍ਹੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕੈਪਟਨ ਸਰਕਾਰ ਲਈ ਸ਼ਹਿਰੀ ਖੇਤਰ ਦੀਆਂ ਚੋਣਾਂ ਦਾ ਇਹ ਪਲੇਠਾ ਇਮਤਿਹਾਨ ਹੈ। ਇੱਕ ਕਾਂਗਰਸ ਆਗੂ ਨੇ ਕਿਹਾ ਕਿ ਪਾਰਟੀ ਸ਼ਹਿਰ ਅੰਦਰ ਆਪਣਾ ਅਧਾਰ ਨਹੀਂ ਬਣਾ ਸਕੀ। ਇਸ ਕਰਕੇ ਹੀ ਅਕਾਲੀ-ਭਾਜਪਾ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਮੁਹਿੰਮ ਚਲਾਈ ਗਈ ਹੈ। ਇਥੇ ਵਿਧਾਇਕ ਧੜੇ ਨੇ ਵੱਡਾ ਇਕੱਠ ਕਰਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਉੱਤੇ ਪਾਰਟੀ ਨੂੰ ਖੋਰਾ ਲਗਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮਹੇਸ਼ਇੰਦਰ ਕੋਲ ਕੋਈ ਸੰਵਿਧਾਨਿਕ ਅਹੁਦਾ ਵੀ ਨਹੀਂ ਹੈ। ਉਹ ਨਿਹਾਲ ਸਿੰਘ ਵਾਲਾ ਹਲਕੇ ਦੇ ਹਨ ਅਤੇ ਇਸ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਦੀ ਕੋਈ ਜ਼ਿੰਮੇਵਾਰੀ ਨਹੀਂ ਹੈ ਪਰ ਫ਼ਿਰ ਵੀ ਉਹ ਇਥੇ ਦਖ਼ਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਖੋਰਾ ਲਗਾਉਣ ਵਾਲੀਆਂ ਅਜਿਹੀਆਂ ਕੋਝੀਆ ਹਰਕਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਜਲਦੀ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਰਾਵਤ ਨੂੰ ਮਿਲਣਗੇ। ਦੂਜੇ ਪਾਸੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਦਾਅਵਾ ਕੀਤਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਆਹੁਦੇਦਾਰੀਆਂ ਭੰਗ ਨਹੀਂ ਕੀਤੀਆਂ ਗਈਆਂ। ਉਹ ਪਾਰਟੀ ਹਾਈ ਕਮਾਂਡ ਦੇ ਹੁਕਮਾਂ ’ਤੇ ਹੀ ਪਾਰਟੀ ਦੀ ਮਜ਼ਬੂਤੀ ਲਈ ਉਹ ਬਤੌਰ ਜ਼ਿਲ੍ਹਾ ਪ੍ਰਧਾਨ ਕੰਮ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਧਾਇਕ ਵੱਲੋਂ ਵਰਕਰਾਂ ਨੂੰ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਆਉਣ ਤੋਂ ਰੋਕਿਆ ਜਾਦਾ ਹੈ। ਉਨ੍ਹਾਂ ਪਾਰਟੀ ਨੂੰ ਖੋਰਾ ਲਗਾਉਣ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦੇ ਆਖਿਆ ਕਿ ਪਾਰਟੀ ਹਾਈਕਮਾਂਡ ਨੂੰ ਸਭ ਕੁਝ ਪਤਾ ਹੈ।