ਪ੍ਰਭੂ ਦਿਆਲ
ਸਿਰਸਾ, 22 ਅਗਸਤ
ਸਾਉਣ ਸੁੱਕਾ ਲੰਘ ਜਾਣ ਮਗਰੋਂ ਭਾਦੋਂ ’ਚ ਪਏ ਪਹਿਲੇ ਭਰਵੇਂ ਮੀਂਹ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਪੋਲ ਖੋਲ੍ਹ ਦਿੱਤੀ ਹੈ। ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਹਨ। ਕਈ ਥਾਵਾਂ ’ਤੇ ਨਰਮੇ ਤੇ ਸਬਜ਼ੀਆਂ ਦੀਆਂ ਫ਼ਸਲਾਂ ਵੀ ਨੁਕਸਾਨੀਆਂ ਗਈਆਂ ਹਨ। ਜ਼ਿਲ੍ਹੇ ਵਿੱਚ ਅੱਜ ਸਵੇਰੇ ਭਰਵਾਂ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਝੋਨੇ ਵਾਲੇ ਖੇਤਰ ’ਚ ਮੀਂਹ ਨੂੰ ਕਾਫੀ ਫਾਇਦੇਮੰਦ ਦੱਸਿਆ ਜਾ ਰਿਹਾ ਹੈ, ਜਦੋਂਕਿ ਕੁਝ ਨਰਮੇ ਵਾਲੇ ਤੇ ਸਬਜ਼ੀ ਵਾਲੇ ਖੇਤਰਾਂ ’ਚ ਫ਼ਸਲਾਂ ਨੁਕਸਾਨੀਆਂ ਗਈਆਂ ਹਨ। ਉਧਰ, ਸ਼ਹਿਰੀ ਖੇਤਰ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਕਈ ਸੜਕਾਂ ਤੇ ਨੀਵੀਆਂ ਥਾਵਾਂ ਪਾਣੀ ਨਾਲ ਭਰ ਗਈਆਂ। ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।