ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਮਾਰਚ
ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਦਿੱਲੀ ਕੱਟੜਾ-ਐਕਸਪ੍ਰੈਸ ਵੇਅ ਲਈ ਜ਼ਮੀਨਾਂ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਬਣਦਾ ਮੁੱਲ ਨਹੀਂ ਦਿੱਤਾ ਜਾ ਰਿਹਾ ਹੈ। ਇਸ ਮੁੱਦੇ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮੋਗਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕੌਮੀ ਸ਼ਾਹ ਅਥਾਰਿਟੀ ਅਧਿਕਾਰੀਆਂ ਨੂੰ ਕਿਸਾਨਾਂ ਦੇ ਰੋਹ ਕਾਰਨ ਮੀਟਿੰਗ ਅੱਧ ਵਿਚਾਲੇ ਮੁਲਤਵੀ ਕਰਨੀ ਪਈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ ਪਰ ਉਨ੍ਹਾਂ ਜ਼ਮੀਨ ਐਕੁਵਾਇਰ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਤੈਅ ਕਰਨ ਲਈ ਇਤਰਾਜ਼ ਦਿੱਤੇ ਹਨ। ਉਨ੍ਹਾਂ ਦੀ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਣਦਾ ਮੁੱਲ ਨਹੀਂ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜਿੰਨਾ ਚਿਰ ਜ਼ਮੀਨ ਦੇ ਭਾਅ ਸਹੀ ਨਿਸ਼ਚਿਤ ਨਹੀਂ ਹੁੰਦੇ ਉਦੋਂ ਤੱਕ ਕਿਸੇ ਨੂੰ ਵੀ ਖੇਤਾਂ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਕਿਸਾਨਾਂ ਨਾਲ ਧੋਖਾ ਕੀਤਾ ਜਾ ਰਿਹੈ: ਤੋਤਾ ਸਿੰਘ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉੱਪ ਪ੍ਰਧਾਨ ਅਤੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸਰਕਾਰ ਵਾਹੀਯੋਗ ਜ਼ਮੀਨ ਗ੍ਰੀਨ ਬੈਲਟ ਦੇ ਬਹਾਨੇ ਇਸਦੀ ਕੀਮਤ ਘੱਟ ਤੈਅ ਕੀਤੀ ਜਾ ਰਹੀ ਹੈ। ਸਾਲ 2014-15 ਵਿੱਚ ਕੌਮੀ ਹਾਈਵੇਅ-703 ਜਲੰਧਰ-ਧਰਮਕੋਟ-ਮੋਗਾ-ਬਰਨਾਲਾ ਲਈ ਜ਼ਮੀਨ ਦੀ ਕੀਮਤ 65 ਤੋਂ 70 ਲੱਖ ਦੇ ਹਿਸਾਬ ਨਾਲ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਸੀ ਜਦੋਂ ਕਿ ਹੁਣ ਇਹ ਕੀਮਤ 25 ਤੋਂ 30 ਲੱਖ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਜ਼ਮੀਨ ਦਾ ਮਾਰਕੀਟ ਰੇਟ ਤੈਅ ਕਰਕੇ ਕੌਮੀ ਹਾਈਵੇਅ ਅਥਾਰਿਟੀ ਨੂੰ ਦੇਵੇ ਤਾਂ ਜੋ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਮਿਲ ਸਕੇ।