ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 11 ਜੂਨ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖ਼ਿਲਾਫ਼ ਨੌਂ ਜੂਨ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਅਤੇ ਸੁਖਵੀਰ ਕੌਰ ਸੋਨੀ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਸੂਬਿਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਭਾਰਤ ਨੂੰ ਇੱਕ ਫ਼ਿਰਕੂ ਰੰਗਤ ਦੇਣ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਯੂਨੀਵਰਸਿਟੀ ਖੋਹ ਕੇ ਕਾਰਪੋਰੇਟਾਂ ਦੇ ਹਵਾਲੇ ਕੀਤੀ ਜਾ ਰਹੀ ਹੈ। ਕੇਂਦਰ ਦੀ ਇਸ ਧੱਕਾਸ਼ਾਹੀ ਖ਼ਿਲਾਫ਼ ਜਦੋਂ ਪੰਜਾਬ ਦੀਆਂ 10 ਵਿਦਿਆਰਥੀ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਨੂੰ ਸ਼ਾਂਤੀਪੂਰਨ ਰੋਸ ਮਾਰਚ ਕੀਤਾ ਜਾ ਰਿਹਾ ਸੀ ਤਾਂ ਇਨ੍ਹਾਂ ਵਿਦਿਆਰਥੀਆਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਜਿਸ ਦੀ ਯੂਨੀਅਨ ਨਿਖੇਧੀ ਕਰਦੀ ਹੈ।
ਕਾਲਜ ਕਮੇਟੀ ਸਕੱਤਰ ਦਿਲਕਰਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਇੰਨਾ ਕੁਝ ਹੋਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਵੀ ਟਿੱਪਣੀ ਨਾ ਕਰਨਾ ਇਹ ਦਰਸਾਉਂਦਾ ਹੈ ਕਿ ਇਹ ਪਾਰਟੀ ਸਿੱਧਾ ਸਿੱਧਾ ਕੇਂਦਰ ਦੇ ਮਨਸੂਬਿਆਂ ਨੂੰ ਪੂਰਾ ਕਰਨ ਲਈ ਜ਼ੋਰ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਝੂਠੇ ਸੁਫ਼ਨੇ ਦਿਖਾ ਰਹੀ ਹੈ।
ਇਸ ਮੌਕੇ ਨੌਨਿਹਾਲ ਸਿੰਘ, ਜਰਮਨ ਸਿੰਘ, ਗੁਰਮੇਲ ਕੌਰ, ਸਿਮਤਜੀਤ ਕੌਰ, ਰੈਂਪੀ, ਹਰਪ੍ਰੀਤ ਸਿੰਘ ਆਦਿ ਵਿਦਿਆਰਥ ਸ਼ਾਮਲ ਹੋਏ।