ਜੋਗਿੰਦਰ ਸਿੰਘ ਮਾਨ
ਮਾਨਸਾ, 9 ਅਪਰੈਲ
ਸੀਪੀਐੱਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਵੱਖ-ਵੱਖ ਵਿਭਾਗਾਂ ਦੇ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਵੱਲੋਂ ਸਰਕਾਰ ਖਿਲਾਫ਼ ਵਹੀਕਲ ਮਾਰਚ ਕਰਦਿਆਂ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸਾਹੀਆ ਨੂੰ ਮੰਗ ਪੱਤਰ ਸੌਂਪਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਿਲ ਕੇ ਮੁਲਾਜ਼ਮਾਂ ਦੇ ਇਸ ਹੱਕ ਉੱਪਰ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਲਗਪਗ 7000 ਕਰੋੜ ਰੁਪਏ ਪ੍ਰਾਈਵੇਟ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਅਤੇ ਮੁਲਾਜ਼ਮਾਂ ਨੂੰ ਰਿਟਾਇਰ ਹੋਣ ’ਤੇ ਨਿਗੂਣੀਆਂ ਪੈਨਸ਼ਨਾਂ ਦਿੱਤੀਆ ਜਾ ਰਹੀਆਂ ਹਨ, ਜਿਸ ਨਾਲ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਰਾਣੀ ਪੈਨਸ਼ਨ ਨਾ ਬਹਾਲ ਕੀਤੀ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਫਰੀਦਕੋਟ (ਜਸਵੰਤ ਜੱਸ): ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਵੱਖ ਵੱਖ ਜ਼ਿਲ੍ਹਿਆਂ ਵੱਲੋਂ ਸਮੂਹ ਪੰਜਾਬ ਵਿੱਚ ਸਾਰੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਮੰਗ ਪੱਤਰ ਦੇਣ ਲਈ ਸੂਬਾ ਬਾਡੀ ਦੇ ਫੈਸਲੇ ਅਨੁਸਾਰ ਕਰਮਚਾਰੀਆਂ ਨੇ ਇੱਥੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਮੰਗ ਪੱਤਰ ਸੌਂਪਿਆ। ਇਸ ਉਪਰੰਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਦੀ ਅਗਵਾਈ ਵਿੱਚ ਸਮੂਹ ਮੁਲਾਜ਼ਮਾਂ ਵੱਲੋਂ ਸ਼ਹਿਰ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ ਗਈ।
ਬੁਢਲਾਡਾ (ਪੱਤਰ ਪ੍ਰੇਰਕ): ਇੱਥੇ ਅੱਜ ਸੀਪੀਐੱਫ ਕਰਮਚਾਰੀ ਯੁਨੀਅਨ ਪੰਜਾਬ ਦੇ ਸੱਦੇ ’ਤੇ ਯੂਨੀਅਨ ਕਾਰਕੁਨਾਂ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਹਲਕਾ ਵਿਧਾਇਕ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।