ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੁੂੰਨਾਂ ਦਾ ਵਿਰੋਧ ਕਰਦਿਆਂ ਧਾਨਕ ਸਮਾਜ ਤੇ ਗੱਲਾ ਮੰਡੀ ਮਜ਼ਦੂਰ ਯੂਨੀਅਨ ਨੇ ਮੋਨੂ ਨੁਗਰੀਆ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਵਿੱਚ ਲਾਏ ਧਰਨੇ ਦੌਰਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਮੋਨੂ ਨੁਗਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ, ਉਸ ਤੋਂ ਸਾਫ਼ ਜ਼ਾਹਿਰ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਤੇ ਕਿਸਾਨੀ ਧੰਦੇ ਨਾਲ ਜੁੜੇ ਹਰ ਵਰਗ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦੇਣ ਲਈ ਨੀਤੀਆਂ ਘੜ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ 26 ਜਨਵਰੀ ਨੂੰ ਦਿੱਲੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਦੀ ਗੱਲ ਵੀ ਆਖੀ। ਇਸ ਮੌਕੇ ਸ਼ਾਮ ਲਾਲ ਗੋਲਨਾ, ਸੁਭਾਸ ਨੁਗਰੀਆ, ਬੂਟਾ ਰਾਮ, ਧਰਮਪਾਲ, ਬੁੱਧ ਰਾਮ, ਛਿੰਦਾ, ਸੁਰੇਸ਼ ਗੋਲਨਾ, ਅਮਰ, ਨਿੰਦਰ ਸਿੰਘ, ਸੋਹਣੀ, ਓਮ ਪ੍ਰਕਾਸ਼, ਵਿੱਕੀ, ਅਨਿਲ ਤੇ ਧਾਨਕ ਸਿੱਖ ਭਾਈਚਾਰੇ ਦੇ ਲੋਕ ਹਾਜ਼ਰ ਸਨ।