ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਜੁਲਾਈ
ਰੂਰਲ ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਸਬੰਧੀ ਅੱਜ ਇੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਧਰਨਾ ਲਾਇਆ। ਸ੍ਰੀ ਬਾਦਲ ਦੇ ਨਿੱਜੀ ਸਕੱਤਰ ਵੱਲੋਂ ਭਲਕੇ ਐਤਵਾਰ ਨੂੰ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਦੇ ਵਫ਼ਦ ਦੀ ਗੱਲਬਾਤ ਕਰਾਉਣ ਦਾ ਭਰੋਸਾ ਮਿਲਣ ਮਗਰੋਂ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ।
ਮਾਲਵਾ ਨਾਲ ਸਬੰਧਤ ਅੱਠ ਜ਼ਿਲ੍ਹਿਆਂ ਤੋਂ ਆਏ ਵਿਖਾਵਾਕਾਰੀਆਂ ਨੇ ਸਿਹਤ ਮੰਤਰੀ, ਵਿੱਤ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਐਸੋਸੀਏਸ਼ਨ ਦੇ ਆਗੂਆਂ ਬਲਜੀਤ ਬੱਲ, ਹਨੂੰ ਤਿਵਾੜੀ, ਨਵਦੀਪ, ਰੁਪਿੰਦਰ ਰਾਜਾ, ਸੁਖਬੀਰ ਆਦਿ ਨੇ ਆਖਿਆ ਕਿ 14 ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੇਲੇ ਉਨ੍ਹਾਂ ਨੂੰ ਠੇਕੇ ’ਤੇ ਭਰਤੀ ਕੀਤਾ ਗਿਆ ਸੀ। ਉਹ ਲੰਮੇ ਸਮੇਂ ਤੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਸੁਣਵਾਈ ਨਹੀਂ ਕਰ ਰਹੀ। ਉਹ ਰੈਗੂਲਰ ਹੋਣ ਵਾਲੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਪਰ ਵਾਰ-ਵਾਰ ਗੱਲਬਾਤ ਮਗਰੋਂ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜੇ ਭਲਕੇ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ’ਚ ਕੋਈ ਸਾਰਥਿਕ ਹੁੰਗਾਰਾ ਨਾ ਮਿਲਿਆ ਤਾਂ ਜਥੇਬੰਦੀ 7 ਜੁਲਾਈ ਨੂੰ ਮੁਹਾਲੀ ਜਾ ਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਦਾ ਘਿਰਾਓ ਕਰੇਗੀ।