ਪੱਤਰ ਪ੍ਰੇਰਕ
ਮਾਨਸਾ, 20 ਜੁਲਾਈ
ਨੰਬਰਦਾਰ ਯੂਨੀਅਨ ਮਾਨਸਾ ਨੇ ਆਪਣੀਆਂ ਹੱਕੀ ਮੰਗਾਂ ਲਈ ਇੱਥੇ ਨੰਬਰਦਾਰ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਨੇ ਦੀ ਅਗਵਾਈ ਹੇਠ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ’ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ 3 ਮਹੀਨਿਆਂ ਤੋਂ ਜ਼ਿਆਦਾ ਸਮਾਂ ਲੰਘਣ ’ਤੇ ਵੀ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਸ ਸਰਕਾਰ ਵੱਲੋਂ ਵੀ ਨੰਬਰਦਾਰਾਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਹੋਰ ਮਿਲਣ ਦੀ ਆਸ ਨਹੀਂ ਹੈ।
ਉਨ੍ਹਾਂ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨੰਬਰਦਾਰੀ ਜੱਦੀ ਪੁਸ਼ਤੀ ਦਿੱਤੀ ਜਾਵੇ, ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਚਹਿਲਾਂਵਾਲਾ, ਬਲਦੇਵ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ ਅਕਲੀਆ, ਗਮਦੂਰ ਸਿੰਘ ਟਾਹਲੀਆਂ, ਸੁਖਰਾਜ ਸਿੰਘ ਫਫੜੇ ਭਾਈਕੇ ਵੀ ਹਾਜ਼ਰ ਸਨ।