ਖੇਤਰੀ ਪ੍ਰਤੀਨਿਧ
ਬਰਨਾਲਾ, 21 ਜੂਨ
ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸੈਂਕੜੇ ਮਨਰੇਗਾ ਮਜ਼ਦੂਰ ਮਰਦ ਔਰਤਾਂ ਨੇ ਸ਼ਮੂਲੀਅਤ ਕੀਤੀ। ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਖੁਸ਼ੀਆ ਸਿੰਘ ਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾ. ਲਾਭ ਸਿੰਘ ਅਕਲੀਆ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਛੇ ਸੱਤ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਤੋਂ ਕੰਮ ਕਿਤੇ ਹੋਰ ਥਾਂ ਤੇ ਕਰਵਾਇਆ ਜਾਂਦਾ ਹੈ ਪਰ ਹਾਜ਼ਰੀ ਪੰਜ ਛੇ ਕਿਲੋਮੀਟਰ ਕਿਤੇ ਹੋਰ ਜਗ੍ਹਾ ’ਤੇ ਲੁਆਈ ਜਾਂਦੀ ਹੈ। ਜਿਸ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀ ਤੇ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਮਜ਼ਦੂਰਾਂ ਉੱਪਰ ਆਰਥਿਕ ਬੋਝ ਵੀ ਵਧ ਗਿਆ ਹੈ।