ਪੱਤਰ ਪ੍ਰੇਰਕ
ਜ਼ੀਰਾ, 30 ਮਈ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਜ਼ੀਰਾ ਵੱਲੋਂ ਸੂਬਾ ਵਾਈਸ ਪ੍ਰਧਾਨ ਦਿਲਬਾਗ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਐੱਸਡੀਐੱਮ ਦਫ਼ਤਰ ਜ਼ੀਰਾ ਅੱਗੇ ਆਪਣੀਆਂ ਮੰਗਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਝੋਨੇ ਦੀ ਲਵਾਈ 6 ਹਜ਼ਾਰ ਰੁਪਏ ਅਤੇ ਦਿਹਾੜੀ 7 ਸੌ ਰੁਪਏ ਪ੍ਰਤੀ ਦਿਨ ਕਰਨ ਦੀ ਮੰਗ ਕੀਤੀ। ਇਸ ਮੌਕੇ ਮੰਗ ਕੀਤੀ ਗਈ ਕਿ ਪਿੰਡਾਂ ਵਿੱਚ ਮਜ਼ਦੂਰਾਂ ਖ਼ਿਲਾਫ਼ ਜੋ ਲੋਕ ਮਤੇ ਪਾ ਰਹੇ ਹਨ ਅਤੇ ਮਜ਼ਦੂਰਾਂ ਦਾ ਬਾਈਕਾਟ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਰਕਾਰ ਐੱਸ.ਟੀ ਐੱਸ.ਸੀ ਐਕਟ ਤਹਿਤ ਪਰਚਾ ਦਰਜ ਕਰੇ, ਝੋਨੇ ਦੀ ਸਿੱਧੀ ਬਿਜਾਈ ਕਾਰਨ ਮਜ਼ਦੂਰਾਂ ਨੂੰ ਜੋ ਘਾਟਾ ਪੈ ਰਿਹਾ ਹੈ, ਸਰਕਾਰ ਉਹ ਘਾਟਾ ਪੂਰਾ ਕਰੇ, ਪੰਚਾਇਤੀ ਜ਼ਮੀਨ ਵਿੱਚੋਂ ਰਿਜ਼ਰਵ ਕੋਟੇ ਵਾਲੀ ਤੀਜੇ ਹਿੱਸੇ ਦੀ ਜ਼ਮੀਨ ਦਲਿਤ ਅਤੇ ਖੇਤ ਮਜ਼ਦੂਰਾਂ ਨੂੰ ਘੱਟ ਤੋਂ ਘੱਟ ਰੇਟ ’ਤੇ ਦੇਣੀ ਯਕੀਨੀ ਬਣਾਈ ਜਾਵੇ, ਡੰਮੀ ਬੋਲੀ ਦੇਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ, ਸੁਸਾਇਟੀਆਂ ਵਿੱਚ ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੈਂਬਰ ਭਰਤੀ ਦਾ ਹੱਕ ਦਿੱਤਾ ਜਾਵੇ , ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਤੇ ਜੋ ਪਰਚੇ ਹੋਏ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਜ਼ੀਰਾ, ਲੋਕ ਸੰਗਰਾਮ ਮੋਰਚਾ ਦੇ ਆਗੂ ਪਰਮਜੀਤ ਸਿੰਘ ਜ਼ੀਰਾ ਅਤੇ ਦਲਵਿੰਦਰ ਸਿੰਘ ਸ਼ੇਰਖਾਂ ਨੇ ਵੀ ਧਰਨੇ ਦੀ ਹਮਾਇਤ ਕੀਤੀ।