ਨਿੱਜੀ ਪੱਤਰ ਪ੍ਰੇਰਕ
ਮੋਗਾ, 19 ਮਈ
ਸੂਬੇ ’ਚ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ ਵਿਧੀ) ਕਈ ਸਮੱਸਿਆਵਾਂ ਦਾ ਹੱਲ ਬਣ ਸਕਦੀ ਹੈ। ਇਸ ਨਾਲ ਜਿੱਥੇ ਕਰੋੜਾਂ ਰੁਪਏ ਦੀ ਬਿਜਲੀ ਬੱਚਤ ਹੋਵੇਗੀ ਉਥੇ ਕਿਸਾਨ ਧਰਤੀ ਹੇਠਲੇ ਪਾਣੀ ਦੀ ਬਚਤ ਕਰਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਿੱਚ ਮੱਦਦਗਾਰ ਸਾਬਤ ਹੋਣਗੇ। ਪੰਜਾਬ ਵਿੱਚ ਜ਼ਮੀਨਦੋਜ਼ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਅਤੇ ਝੋਨੇ ਦੀ ਖੇਤੀ ਵਿੱਚ ਬਹੁਤ ਜ਼ਿਆਦਾ ਪਾਣੀ ਦੀ ਵਰਤੋ ਹੁੰਦੀ ਹੈ। ਇਸ ਲਈ ਸਰਕਾਰ ਪਾਣੀ ਦੀ ਬੱਚਤ ਲਈ ਸਿੱਧੀ ਬਿਜਾਈ ਉੱਤੇ ਜ਼ੋਰ ਦੇ ਰਹੀ ਹੈ। ਪਿੰਡ ਧੱਲੇਕੇ ਦੇ ਕਿਸਾਨ ਅੰਗਰੇਜ਼ ਸਿੰਘ ਅਤੇ ਹਰਨੇਕ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਵਰ੍ਹਿਆਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਵਿਗਿਆਨੀਆਂ ਵੱਲੋਂ ਈਜਾਦ ਇਸ ਵਿਧੀ ਨਾਲ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਇਸ ਵਿਧੀ ਨਾਲ ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਕਾਰਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਵੀ ਨਹੀਂ ਜੂਝਣਾ ਪੈਂਦਾ।
ਪਿੰਡ ਤਲਵੰਡੀ ’ਚ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ
ਭਦੌੜ (ਪੱਤਰ ਪ੍ਰੇਰਕ): ਖੇਤੀਬਾੜੀ ਮਹਿਕਮੇ ਵੱਲੋਂ ਕੋਆਪਰੇਟਿਵ ਸੁਸਾਇਟੀ ਭਦੌੜ ਦੇ ਸਹਿਯੋਗ ਨਾਲ ਅੱਜ ਪਿੰਡ ਤਲਵੰਡੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ। ਡਾ. ਅਮਨਦੀਪ ਕੌਰ ਕਿਸਾਨ ਸਲਾਹਕਾਰ ਸੇਵਾ ਕੇਂਦਰ ਪੀਏਯੂ ਅਫਸਰ ਅਤੇ ਡਾ. ਸੁਖਦੀਪ ਸਿੰਘ ਏਡੀਓ ਨੇ ਦੱਸਿਆ ਕਿ ਗੁਰਮੀਤ ਸਿੰਘ ਤਲਵੰਡੀ ਨੇ 4 ਏਕੜ ਅਤੇ ਅਮਰੀਕ ਸਿੰਘ ਨੇ ਅੱਜ ਢਾਈ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ।
ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਚਾਰ ਹਜ਼ਾਰ ਮਿਲੇਗੀ ਸਬਸਿਡੀ
ਸਿਰਸਾ (ਨਿੱਜੀ ਪੱਤਰ ਪ੍ਰੇਰਕ) : ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਚਾਰ ਹਜ਼ਾਰ ਰੁਪਏ ਸਬਸਿਡੀ ਦੇਵੇਗੀ। ਇਸ ਲਈ ਕਿਸਾਨਾਂ ਨੂੰ ‘ਮੇਰੀ ਫ਼ਸਲ ਮੇਰਾ ਬਿਓਰਾ’ ’ਤੇ ਆਪਣਾ ਨਾਂ 30 ਜੂਨ ਤੱਕ ਰਜਿਸਟਰਡ ਕਰਵਾਉਣਾ ਹੋਵੇਗਾ।ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਦੱਸਿਆ ਹੈ ਕਿ ਇਸ ਲਈ ਪਿੰਡ ਪੱਧਰੀ ਕਮੇਟੀ ਬਣਾਈ ਗਈ ਹੈ, ਜਿਹੜੀ ਖੇਤ ਵਿੱਚ ਜਾ ਕੇ ਇਹ ਵੇਖੇਗੀ। ਕਮੇਟੀ ਦੀ ਰਿਪੋਰਟ ਮਗਰੋਂ ਤੁਰੰਤ ਕਿਸਾਨ ਦੇ ਖਾਤੇ ’ਚ ਚਾਰ ਹਜ਼ਾਰ ਰੁਪਏ ਪਾ ਦਿੱਤੇ ਜਾਣਗੇ।