ਮਹਿੰਦਰ ਸਿੰਘ ਰੱਤੀਆਂ
ਮੋਗਾ, 27 ਸਤੰਬਰ
ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਅੰਦੋਲਨ ਕਰ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਬਿਨਾਂ ਐੱਸਐੱਮਐੱਸ ਤੋਂ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਜ਼ਬਤ ਕਰਨ ਅਤੇ ਪੈਡੀ ਸਟਰਾਅ ਰੀਪਰ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸਐੱਮਐੱਸ) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ, ਰੀਪਰ ਚਲਾਉਣ ਅਤੇ ਝੋਨੇ ਦੇ ਨਾੜ (ਪਰਾਲੀ) ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਖੇਤੀਬਾੜੀ ਵਿਭਾਗ ਦੀ ਮਨਜ਼ੂਰੀ ਨਾਲ ਬੇਲਰ ਨਾਲ ਗੰਢਾਂ ਬਣਾਉਣ ਲਈ ਰੀਪਰ ਮਸ਼ੀਨ ਚਲਾਈ ਜਾ ਸਕਦੀ ਹੈ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਲਈ ਬਣੇ ਐਕਟ ਦੀ ਪਾਲਣਾ ਕਰਨ ਲਈ ਆਖਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ.ਬਲਵਿੰਦਰ ਸਿੰਘ ਅਤੇ ਰਾਜ ਪੁਰਸਕਾਰ ਜੇਤੂ ਖੇਤੀ ਵਿਗਿਆਨੀ ਡਾ.ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਝੋਨੇ ਦੀ ਵਾਢੀ ਆਮ ਕੰਬਾਈਨ ਨਾਲ ਕਰਨ ਨਾਲ ਪਰਾਲੀ ਦੀਆਂ ਲੀਹਾਂ ਬਣ ਜਾਂਦੀਆਂ ਹਨ, ਜਿਸ ਕਾਰਨ ਕਣਕ ਦੀ ਸਿੱਧੀ ਬਿਜਾਈ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ।