ਪੱਤਰ ਪ੍ਰੇਰਕ
ਭਗਤਾ ਭਾਈ, 9 ਫਰਵਰੀ
ਸ਼੍ਰੋਮਣੀ ਅਕਾਲੀ ਦਲ ਨੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਪਹਿਲੇ ਨੰਬਰ ਦਾ ਸੂਬਾ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਤ ਕੀਤਾ ਸੀ ਪਰ ਕਾਂਗਰਸ ਸਰਕਾਰ ਉਸ ਨੂੰ ਅੱਗੇ ਵਧਾਉਣ ’ਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਦਿਆਲਪੁਰਾ ਮਿਰਜ਼ਾ ਤੇ ਗੁੰਮਟੀ ਕਲਾਂ ਵਿੱਚ ਚੋਣ ਪ੍ਰਚਾਰ ਦੌਰਾਨ ਕੀਤਾ। ਇਸ ਮੌਕੇ ਦਿਆਲਪੁਰਾ ਮਿਰਜ਼ਾ ਦੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਜ਼ੈਲਦਾਰ ਆਪਣੇ ਸਾਥੀਆਂ ਸਮੇਤ ਅਤੇ ਗੁੰਮਟੀ ਕਲਾਂ ਵਿੱਚ 49 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਮਲੂਕਾ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਵਾਅਦੇ ਪੂਰੇ ਨਾ ਕਰਕੇ ਸਾਰੇ ਵਰਗਾਂ ਨਾਲ ਵੱਡਾ ਧਰੋਹ ਕਮਾਇਆ ਹੈ।