ਮਨੋਜ ਸ਼ਰਮਾ
ਬਠਿੰਡਾ, 14 ਅਪਰੈਲ
ਭਾਰਤੀ ਸੰਵਿਧਾਨ ਦੇ ਰਚੇਤਾ ਤੇ ਦਲਿਤ ਸਮਾਜ ਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ’ਤੇ ਅੱਜ ਬਠਿੰਡਾ ’ਚ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ’ਚ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ੍ਰੀ ਮਲੂਕਾ ਨੇ ਕਿਹਾ ਕਿ ਡਾ. ਅੰਬੇਡਕਰ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਆਰਥਿਕ, ਸਮਾਜਿਕ, ਰਾਜਨੀਤਕ ਤੇ ਕਾਨੂੰਨੀ ਮਾਹਿਰ ਹੋਣ ਦਾ ਮਾਣ ਹਾਸਿਲ ਸੀ।
ਸ੍ਰੀ ਮਲੂਕਾ ਨੇ ਕਿਹਾ ਕਿ ਅੰਬੇਡਕਰ ਦੱਬੇ ਕੁਚਲੇ ਤੇ ਦਲਿਤ ਵਰਗ ਤੋਂ ਇਲਾਵਾ ਹਰ ਵਰਗ ਦੀ ਆਵਾਜ਼ ਉਠਾਉਂਦੇ ਰਹੇ। ਭਾਰਤੀ ਸੰਵਿਧਾਨ ਦਾ ਖਰੜਾ ਤਿਆਰ ਕਰਨ ਸਮੇਂ ਉਨ੍ਹਾਂ ਨੇ ਹਰ ਵਰਗ ਦੇ ਹੱਕਾਂ ਦੀ ਰਾਖੀ ਵਾਲੇ ਕਾਨੂੰਨ ਦਾ ਖਰੜਾ ਤਿਆਰ ਕੀਤਾ।
ਫ਼ਾਜ਼ਿਲਕਾ (ਨਿਜੀ ਪੱਤਰ ਪ੍ਰੇਰਕ) ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦਾ ਅੱਜ 131ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ। ਇਸ ਮੌਕੇ ਉਨ੍ਹਾਂ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਵਾਸੀਆਂ ਨੂੰ ਸੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਦੀ ਤਰੱਕੀ ’ਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਸਿਰਸਾ (ਨਿੱਜੀ ਪੱਤਰ ਪ੍ਰੇਰਕ) ਇਥੋਂ ਦੇ ਅੰਬੇਡਕਰ ਚੌਕ ’ਚ ਅੱਜ ਵੱਖ-ਵੱਖ ਸੰਸਥਾਵਾਂ ਵੱਲੋਂ ਬਾਬਾ ਭੀਮਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾਏ ਗਏ ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਕੰਬੋਜ ਦੀ ਅਗਵਾਈ ਹੇਠ ਯੂਥ ਕਾਂਗਰਸੀ ਕਾਰਕੁਨਾਂ ਨੇ ਬਾਬਾ ਭੀਮਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਇਸ ਮੌਕੇ ’ਤੇ ਸ੍ਰੀ ਕੰਬੋਜ ਨੇ ਅੰਬੇਡਕਰ ਦੇ ਜੀਵਨ ਉੱਤੇ ਵਿਸਥਾਰ ਨਾਲ ਰੋਸ਼ਨੀ ਪਾਈ ਤੇ ਉਨ੍ਹਾਂ ਵੱਲੋਂ ਸੰਵਿਧਾਨ ’ਚ ਲੋਕਾਂ ਲਈ ਦਿੱਤੇ ਅਧਿਕਾਰਾਂ ਬਾਰੇ ਦੱਸਿਆ। ਇਸ ਮੌਕੇ ’ਤੇ ਹਰਸ਼ ਮਿੱਤਲ, ਸੁਧੀਰ ਕੁਮਾਰ, ਮੰਧੀਰ ਮਦਰਾਸੀ, ਰਾਜਨ ਨੱਢਾ, ਜੇਮੀ, ਵਿਕਾਸ ਟਾਕ, ਪੁਨੀਤ ਨੋਖਵਾਲ, ਸੁਰਿੰਦਰ ਆਦਿ ਸਮੇਤ ਕਈ ਯੂਥ ਕਾਂਗਰਸੀ ਕਾਰਕੁਨ ਮੌਜੂਦ ਸਨ।