ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਮੋਗਾ, 23 ਅਕਤੂਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਨਗਰ ਨਿਗਮ ਦਫ਼ਤਰ ਮੋਗਾ ਵਿੱਚ 140 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਇਨ੍ਹਾਂ ਕਰਮੀਆਂ ਨੂੰ ਪੱਕੀ ਨੌਕਰੀ ਦੀਵਾਲੀ ਦਾ ਤੋਹਫਾ ਹੈ। ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੀਵਰਮੈਨ ਅਤੇ ਪੁਲੀਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ’ਤੇ ਤਾਇਨਾਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ਉੱਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਦੀ ਸਰਕਾਰ ਪਾਰਟੀਬਾਜ਼ੀ ਨੂੰ ਸਾਹਮਣੇ ਰੱਖ ਕੇ ਕੰਮ ਨਹੀਂ ਕਰ ਰਹੀ। ਮੋਗਾ ਦੇ ਮੇਅਰ ਨੀਤਿਕਾ ਭੱਲਾ ਵੱਲੋਂ ਸ਼ਹਿਰ ਦੇ ਵਿਕਾਸ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਮੇਅਰ ਨੀਤਿਕਾ ਭੱਲਾ, ਹਰਮਨਦੀਪ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਆਪ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ, ਕਮਿਸ਼ਨਰ ਜਯੋਤੀ ਬਾਲਾ ਮੱਟੂ ਆਦਿ ਅਧਿਕਾਰੀ ਮੌਜੂਦ ਸਨ।