ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 12 ਦਸੰਬਰ
ਪਿੰਡ ਨੇਹੀਆਂਵਾਲਾ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਪਿੰਡ ਦੇ ਕਰੀਬ 37 ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਬਰਾੜ ਦੇ ਗ੍ਰਹਿ ਰੱਖੇ ਗਏ ਸਮਾਗਮ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ ਕੀਤੀ ਹੈ ਪਰ ਹੁਣ ਇਕੱਠੇ ਚੋਣਾਂ ਲੜਨ ਦੇ ਸਮਝੌਤੇ ਕਾਰਨ ਉਨ੍ਹਾਂ ਦੀ ਭਾਈਵਾਲੀ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ’ਤੇ ਬੇਅਦਬੀਆਂ ਦੇ ਝੂਠੇ ਦੋਸ਼ ਲਾਏ ਗਏ ਜਦਕਿ ਪੰਜ ਸਾਲ ਕਾਂਗਰਸ ਅਤੇ ਹੁਣ ‘ਆਪ’ ਸਰਕਾਰ ਨੇ ਜਾਂਚ ਦੌਰਾਨ ਸਿਰਫ ਤੇ ਸਿਰਫ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਹੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਝੂਠੀਆਂ ਰਿਪੋਰਟਾਂ ਬਣਵਾਈਆਂ ਗਈਆਂ ਜਿਹੜੀਆਂ ਅਦਾਲਤ ਨੇ ਮੁੱਢ ਤੋਂ ਰੱਦ ਕਰ ਦਿੱਤੀਆਂ। ਉਨ੍ਹਾਂ ਕਾਂਗਰਸ ਤੇ ਵਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਨੂੰ ਢਾਹਿਆ ਅਤੇ ਨਿਰਦੋਸ਼ ਲੋਕਾਂ ਦਾ ਕਤਲੇਆਮ ਕੀਤਾ, ਉਹ ਅਕਾਲੀ ਦਲ ’ਤੇ ਬੇਅਦਬੀਆਂ ਦੇ ਝੂਠੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਜਦਕਿ ਆਮ ਆਦਮੀ ਪਾਰਟੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਚ ਗੁਰਪੁਰਬ ਮੌਕੇ ਗੋਲੀਆਂ ਚਲਾਈਆਂ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਅਕਾਲੀ ਦਲ ਉੱਪਰ ਨਸ਼ੇ ਵਿਕਾਉਣ ਦੇ ਝੂਠੇ ਦੋਸ਼ ਲਾਏ ਗਏ ਜਦਕਿ ਹੁਣ ਨਸ਼ਾ ਹਰ ਪਿੰਡ ਤੇ ਸ਼ਹਿਰ ਵਿਚ ਟਾਫੀਆਂ ਵਾਂਗ ਵੇਚਿਆ ਜਾ ਰਿਹਾ ਹੈ। ਹੁਣ ਸਰਕਾਰ ਦੱਸੇ ਕਿ ਜੇਲ੍ਹਾਂ ਵਿਚ ਨਸ਼ਾ ਕੌਣ ਵਿਕਵਾ ਰਿਹਾ ਹੈ।