ਜੋਗਿੰਦਰ ਸਿੰਘ ਮਾਨ
ਮਾਨਸਾ, 11 ਜਨਵਰੀ
ਡੈਮੋਕਰੇਟਿਕ ਟੀਚਰਜ਼ ਫਰੰਟ (ਪੰਜਾਬ) ਨੇ ਦੋ ਦਿਨਾ ਸਾਲਾਨਾ ਜਨਰਲ ਕੌਂਸਲ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਵਾਉਣ ਲਈ ਲੋਕ ਘੋਲ ਦਾ ਰੂਪ ਧਾਰਨ ਕਰ ਚੁੱਕੇ ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਸ਼ਹਿਰ ਵਿੱਚ ਵਿਸ਼ਾਲ ਮਾਰਚ ਕੱਢਿਆ ਅਤੇ ਭਾਰਤ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਕੀਤਾ। ਜਥੇਬੰਦੀ ਨੇ ਨਵੇਂ ਚੁਣੇ ਗਏ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਹੁਣ ਦੀਆਂ ਸਰਮਾਏਦਾਰੀ ਅਤੇ ਕਾਰਪੋਰੇਟ ਪੱਖੀ ਸਰਕਾਰਾਂ ਦੁਆਰਾ ਵਿੱਢੇ ਹਮਲਿਆਂ ਨੂੰ ਰੋਕਣ ਲਈ ਮਜ਼ਦੂਰਾਂ ਅਤੇ ਹੋਰ ਵਰਗਾਂ ਦੀ ਲਾਮਬੰਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਿੱਜੀਕਰਨ, ਉਦਾਰੀਕਰਨ ਅਤੇ ਵਿਸ਼ਵੀਕਰਨ ਦੀਆਂ ਨੀਤੀਆਂ ਨੂੰ ਠੱਲ੍ਹ ਪਾਉਣ ਲਈ ਡੀ.ਟੀ.ਐੱਫ. ਹੋਰ ਵਡੇਰੀ ਜ਼ਿੰਮੇਵਾਰੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ 14 ਤੋਂ 20 ਜਨਵਰੀ ਤੱਕ ਬਲਾਕ/ਤਹਿਸੀਲ ਪੱਧਰ ਤੇ ‘ਸਕੱਤਰ ਹਟਾਓ, ਸਿੱਖਿਆ ਬਚਾਓ’ ਦੇ ਨਾਅਰੇ ਤਹਿਤ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਜਾਣਗੇ, ਕਿਉਂਕਿ ਜਿੱਥੇ ਸਿੱਖਿਆ ਸਕੱਤਰ ਵੱਲੋਂ ਮੋਦੀ ਸਰਕਾਰ ਦੁਆਰਾ ਲਿਆਂਦੀ ਗਈ ਕੌਮੀ ਸਿੱਖਿਆ ਨੀਤੀ ਤਹਿਤ ਕਲਾਸ ਰੂਮ ਸਿੱਖਿਆ ਦੇ ਮੁਕਾਬਲੇ ਆਨਲਾਈਨ ਸਿੱਖਿਆ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੱਚਿਆਂ ਦੀ ਪੜ੍ਹਾਈ ਕਰਵਾਉਣ ਲਈ ਸਮਾਂ ਨਾ ਦੇ ਕੇ ਹਰ ਹਫ਼ਤੇ ਬੇਲੋੜੀਆਂ ਪ੍ਰੀਖਿਆਵਾਂ ਰਾਹੀਂ ਸਿੱਖਿਆ ਦਾ ਘਾਣ ਕੀਤਾ ਜਾ ਰਿਹਾ ਹੈ।