ਰਵਿੰਦਰ ਰਵੀ
ਬਰਨਾਲਾ, 8 ਨਵੰਬਰ
ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ। ਅੱਜ ਪਿੰਡ ਨੰਗਲ ਅਤੇ ਠੁੱਲੇਵਾਲ ਦੇ ਕਿਸਾਨਾਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਡੀਏਪੀ ਖਾਦ ਦੇ ਪ੍ਰਬੰਧ ਲਈ ਧੰਨਵਾਦ ਕੀਤਾ ਗਿਆ। ਸ੍ਰੀ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਨੇ ਡੀਏਪੀ ਖਾਦ ਦੀ ਘਾਟ ਬਾਰੇ ਮਾਮਲਾ ਧਿਆਨ ਵਿੱਚ ਲਿਆਂਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜ ਨਵੰਬਰ ਨੂੰ ਖਾਦ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਬਰਨਾਲਾ ਦੇ ਕਿਸਾਨਾਂ ਨੂੰ ਖਾਦ ਪੂਰੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਇੰਚਾਰਜ ਵਿਜੈ ਰੂਪਾਨੀ ਵੱਲੋਂ ਵੀ ਬਰਨਾਲਾ ਵਿੱਚ ਜੇਪੀ ਨੱਢਾ ਨਾਲ ਫੋਨ ਉੱਪਰ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਬਰਨਾਲਾ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਲਈ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ ਹੈ ਜਿਸ ਤਹਿਤ ਬਰਨਾਲਾ ਦੇ ਵੱਖ ਵੱਖ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਖਾਦ ਦੇ ਭਰੇ ਹੋਏ ਟਰੱਕ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਹੋ ਗਿਆ ਹੈ। ਕਿਸਾਨਾਂ ਨੇ ਡੀਏਪੀ ਖਾਦ ਦਾ ਪ੍ਰਬੰਧ ਕਰਨ ਲਈ ਖਾਦ ਮੰਤਰੀ ਅਤੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਬੀਜੇਪੀ ਇੰਚਾਰਜ ਵਿਜੈ ਰੂਪਾਨੀ ਦਾ ਧੰਨਵਾਦ ਕੀਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਦੇ ਕਿਸਾਨਾਂ ਅਤੇ ਹਰ ਵਰਗ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨ ਭਰਾਵਾਂ ਨੂੰ ਇਸ ਔਖੀ ਘੜੀ ਵਿੱਚ ਛੱਡ ਕੇ ਕਿਨਾਰਾ ਕਰ ਗਈ ਹੈ ਜਿਸ ਕਰਕੇ ਕੇਂਦਰ ਦੀ ਬੀਜੇਪੀ ਸਰਕਾਰ ਨੇ ਕਿਸਾਨ ਭਰਾਵਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਲਈ ਡੀਏਪੀ ਖਾਦ ਦਾ ਇੱਕ ਹੋਰ ਰੈਕ ਬਹੁਤ ਜਲਦ ਪਹੁੰਚ ਜਾਵੇਗਾ, ਜਿਸ ਨਾਲ ਬਰਨਾਲਾ ਦੇ ਕਿਸਾਨਾਂ ਲਈ ਡੀਏਪੀ ਖਾਦ ਆਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਬਣ ਜਾਂਦੀ ਹੈ ਤੇ ਲੋਕਾਂ ਦਾ ਫਤਵਾ ਉਹਨਾਂ ਦੇ ਹੱਕ ਵਿੱਚ ਆਉਂਦਾ ਹੈ ਤਾਂ ਫਸਲਾਂ ਦੀ ਖਰੀਦ, ਡੀਏਪੀ ਖਾਦ ਸਮੇਤ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।