ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ
ਪੰਜਾਬ ਰਾਜ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕੀਤੀ ਕਲਮਛੋੜ ਹੜਤਾਲ ਗਿਆਰਵੇਂ ਦਿਨ ਵਿੱਚ ਦਾਖਲ ਹੋ ਗਈ ਹੈ | ਕੰਮ ਕਰਾਉਣ ਵਾਲੇ ਲੋਕ ਦਫਤਰਾਂ ਵਿੱਚ ਗੇੜੇ ਕੱਢ-ਕੱਢ ਕੇ ਹੰਭ ਗਏ ਹਨ। ਲੋਕਾਂ ਦੀ ਮੰਗ ਹੈ ਕਿ ਸਰਕਾਰ ਦਫਤਰਾਂ ਵਿੱਚ ਕੰਮ ਕਾਰ ਚਾਲੂ ਕਰਾਵੇ | ਇਸ ਦੌਰਾਨ ਯੂਨੀਅਨ ਦੇ ਆਗੂ ਖੁਸ਼ਕਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ | ਉਨ੍ਹਾਂ ਦੱਸਿਆ ਕਿ ਹੁਣ ਹੜਤਾਲ 26 ਅਕਤੂਬਰ ਤੱਕ ਵਧਾ ਦਿੱਤੀ ਹੈ। ਸਕੱਤਰ ਦੀਪਕ ਕੁਮਾਰ ਨੇ ਦੱਸਿਆ ਕਿ 21 ਅਕਤੂਬਰ ਨੂੰ ਸ਼ਹਿਰ ਵਿੱਚ ਆਪ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ |
ਬਰਨਾਲਾ (ਖੇਤਰੀ ਪ੍ਰਤੀਨਿਧ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ ’ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਕਲਮਛੋੜ ਹੜਤਾਲ ਡੀਸੀ ਦਫ਼ਤਰ ਵਿਖੇ 11ਵੇਂ ਦਿਨ ਵੀ ਜਾਰੀ ਰਹੀ ਤੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ , ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਜਨਰਲ ਸਕੱਤਰ ਨਿਰਮਲ ਸਿੰਘ, ਮੱਖਣ ਸਿੰਘ ਅਤੇ ਰਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ।
ਕੰਮ ਨਾ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਮਾਨਸਾ 10 ਅਕਤੂਬਰ ਤੋਂ ਲਗਾਤਾਰ ਚੱਲ 11ਵੇਂ ਦਿਨ ਵੀ ਜ਼ਿਲ੍ਹਾ ਮਾਨਸਾ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਬਾਬੂਆਂ ਵੱਲੋਂ ਕੰਮ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ ਅਤੇ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਹੜਤਾਲ ਕਾਰਨ ਰਜਿਸਟਰੀਆਂ, ਜਨਮ ਅਤੇ ਮੌਤ, ਨਵੀ ਭਰਤੀ ਕੀਤੇ ਗਏ ਉਮੀਦਵਾਰਾਂ ਦੇ ਮੈਡੀਕਲ ਸਰਟੀਫਿਕੇਟ, ਖਜ਼ਾਨਾ ਵਿਭਾਗ ਦੇ ਮੁਕੰਮਲ ਕੰਮ, ਰੁਜ਼ਗਾਰ ਦਫ਼ਤਰ ਦੇ ਕੰਮ ਆਦਿ ਪੂਰਨ ’ਤੇ ਬੰਦ ਹਨ। ਆਮ ਜਨਤਾ ਨੂੰ ਇਸ ਹੜਤਾਲ ਕਾਰਨ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ 26 ਅਕਤੂਬਰ ਤੱਕ ਕਲਮ ਛੋੜ ਹੜਤਾਲ ਕਾਇਮ ਰਹੇਗੀ। ਇਸ ਮੌਕੇ ਜਥੇਬੰਦੀ ਦੇ ਆਗੂ ਲਾਲ ਸਿੰਘ, ਮਨਦੀਪ ਸਿੰਘ,ਹਰਦੀਪ ਸਿੰਘ,ਜਗਤਾਰ ਸਿੰਘ ਹਾਜ਼ਰ ਸਨ।