ਪਰਮਜੀਤ ਸਿੰਘ
ਫਾਜ਼ਿਲਕਾ, 19 ਜੁਲਾਈ
ਜ਼ਿਲ੍ਹਾ ਭਲਾਈ ਅਫਸਰ ਵੱਲੋਂ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਰੋਕੇ ਜਾਣ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਾਲਜ ਦੇ ਗੇਟ ਸਾਹਮਣੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਭਲਾਈ ਅਫ਼ਸਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵਿਦਿਆਰਥੀ ਆਗੂ ਕਮਲਜੀਤ ਮੁਹਾਰ ਖੀਵਾ ਅਤੇ ਪ੍ਰਵੀਨ ਕੌਰ ਨੇ ਕਿਹਾ ਕਿ ਫ਼ਾਜ਼ਿਲਕਾ ਦੇ ਜ਼ਿਲ੍ਹਾ ਭਲਾਈ ਅਫ਼ਸਰ ਵੱਲੋਂ ਲੰਬੇ ਸਮੇਂ ਤੋਂ ਹੀ ਕਾਲਜ ਦੀ ਸਕਾਲਰਸ਼ਿਪ ਰੋਕੀ ਹੋਈ ਹੈ, ਪਰ ਸਰਕਾਰ ਇਸ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਰ ਕੇ ਕਈ ਵਿਦਿਆਰਥੀ ਪੜ੍ਹਾਈ ਛੱਡਣ ਲਈ ਮਜਬੂਰ ਹਨ। ਇਸ ਮੌਕੇ ਵਿਦਿਆਰਥੀ ਆਗੂ ਦਿਲਕਰਨ ਅਤੇ ਆਦਿੱਤਿਆ ਨੇ ਕਿਹਾ ਕਿ ਇਸ ਵਾਰੀ ਪੂਰੇ ਪੰਜਾਬ ਦੇ ਕਾਲਜਾਂ ਵਿੱਚ ਸਕਾਰਸ਼ਿਪ ਆ ਚੁੱਕੀ ਹੈ ਪਰ ਉਨ੍ਹਾਂ ਦੇ ਕਾਲਜ ਵਿੱਚ ਸਕਾਲਰਸ਼ਿਪ ਜਾਰੀ ਨਹੀਂ ਕੀਤੀ ਗਈ ਹੈ ਜਿਸ ਲਈ ਫ਼ਾਜ਼ਿਲਕਾ ਦੇ ਭਲਾਈ ਅਫ਼ਸਰ ਜ਼ਿੰਮੇਵਾਰ ਹਨ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਕਾਲਜ ਦੀ ਰੁਕੀ ਹੋਈ ਸਕਾਲਰਸ਼ਿਪ ਜਲਦੀ ਜਾਰੀ ਕੀਤੀ ਜਾਵੇ ਤੇ ਭਲਾਈ ਅਫ਼ਸਰ ਖ਼ਿਲਾਫ਼ ਐੱਸਸੀ/ਐੱਸਟੀ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਸਕਾਲਰਸ਼ਿਪ ਜਾਰੀ ਨਹੀਂ ਕੀਤੀ ਜਾਂਦੀ ਤਾਂ ਭਲਾਈ ਅਫ਼ਸਰ ਖ਼ਿਲਾਫ਼ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।