ਪੱਤਰ ਪ੍ਰੇਰਕ
ਮਹਿਲ ਕਲਾਂ, 12 ਸਤੰਬਰ
ਨੇੜਲੇ ਪਿੰਡ ਗੰਗੋਹਰ ਵਿੱਚ ਦੋ ਮਹੀਨੇ ਪਹਿਲਾਂ ਹੋਈ ਚੋਰੀ ਦੇ ਮਾਮਲੇ ’ਚ ਪੁਲੀਸ ਪ੍ਰਸ਼ਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਵਿੱਚ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਪੁਤਲਾ ਫੂਕਿਆ।
ਇਕਾਈ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸਕੱਤਰ ਚਰਨਜੀਤ ਸਿੰਘ ਦਿਓਲ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਹਰਨਾਮ ਸਿੰਘ,ਸੁਰਿੰਦਰ ਸਿੰਘ ਆਦਿ ਨੇ ਕਿਹਾ ਕਿ ਇਲਾਕੇ ਅੰਦਰ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਲਗਭਗ 2 ਮਹੀਨੇ ਪਹਿਲਾਂ ਪਿੰਡ ਗੰਗੋਹਰ ਦੀ ਬਰਕਤ ਕੁਟੀਆ ’ਚ ਰਾਤ ਸਮੇਂ ਚੋਰ ਗਰੋਹ ਵੱਲੋਂ ਕੁਟੀਆ ਦੇ ਮੁੱਖ ਸੇਵਾਦਾਰਾਂ ਨੂੰ ਬੰਧਕ ਬਣਾ ਕੇ ਨਕਦੀ, ਮੋਬਾਈਲ ਫੋਨ ਅਤੇ ਭਾਂਡਿਆਂ ਸਮੇਤ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਸੀ। ਪਿੰਡ ਵਾਸੀਆਂ ਨੇ ਇਸ ਸਬੰਧੀ ਪੁਲੀਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਗਈ ਸੀ, ਪਰ ਪੁਲੀਸ ਹਾਲੇ ਤੱਕ ਚੋਰਾਂ ਨੂੰ ਨਹੀਂ ਫੜ ਸਕੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਦੇ ਰੋਸ ਵਜੋਂ ਉਨ੍ਹਾਂ ਨੇ ਅੱਜ ‘ਆਪ’ ਵਿਧਾਇਕ ਦਾ ਪੁਤਲਾ ਫੂਕ ਕੇ ਰੋਸ ਜਾਹਿਰ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਪਿੰਡ ਗੰਗੋਹਰ ਵਿੱਚ ਚੋਰੀ ਕਰਨ ਗਰੋਹ ਨੂੰ ਕਾਬੂ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮਸਲਾ ਹੱਲ ਨਾ ਹੋਣ ’ਤੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।