ਲਖਵੀਰ ਸਿੰਘ ਚੀਮਾ
ਟੱਲੇਵਾਲ, 19 ਮਾਰਚ
ਪਿੰਡ ਪੱਖੋਕੇ ਅਤੇ ਮੱਲੀਆਂ ਦੀ ਸਹਿਕਾਰੀ ਸਭਾ ਵਿੱਚ ਸੈਕਟਰੀ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਕਰੋੜਾਂ ਦੇ ਗਬਨ ਮਾਮਲੇ ਵਿੱਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਦੁਖੀ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਪੱਖੋ-ਕੈਂਚੀਆਂ ਪੁਲੀਸ ਚੌਕੀ ਦਾ ਘਿਰਾਓ ਕਰ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ ਫ਼ੌਜੀ, ਦਰਸ਼ਨ ਸਿੰਘ ਚੀਮਾ ਅਤੇ ਪਿੰਡ ਸੰਘਰਸ਼ ਕਮੇਟੀ ਦੇ ਆਗੂ ਗੁਰਚਰਨ ਸਿੰਘ ਤੇ ਗੁਰਮੇਲ ਸਿੰਘ ਮੱਲ੍ਹੀ ਨੇ ਦੋਸ਼ ਲਾਇਆ ਕਿ ਪਿੰਡ ਦੀ ਸੁਸਾਇਟੀ ਵਿੱਚ ਸੈਕਟਰੀ ਵੱਲੋਂ ਕਰੋੜਾਂ ਰੁਪਏ ਦਾ ਗਬਨ ਕੀਤਾ ਗਿਆ ਹੈ ਜਿਸਦੀ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਸਹਿਕਾਰੀ ਸਭਾਵਾਂ ਵਿਭਾਗ ਦੇ ਅਧਿਕਾਰੀਆਂ ਦੀ ਸਿਫਾਰਸ਼ ’ਤੇ ਸੈਕਟਰੀ ਵਿਰੁੱਧ ਠੱਗੀ ਦਾ ਕੇਸ ਵੀ ਦਰਜ ਕੀਤਾ ਜਾ ਚੁੱਕਾ ਹੈ, ਪਰ ਪੰਦਰਾਂ ਦਿਨ ਬੀਤਣ ਦੇ ਬਾਵਜੂਦ ਪੁਲੀਸ ਨੇ ਅਜੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਕੇ ਜਾਂਚ ਕਿਸੇ ਇਮਾਨਦਾਰ ਪੁਲੀਸ ਅਧਿਕਾਰੀ ਤੋਂ ਕਰਵਾਈ ਜਾਵੇ। ਧਰਨਾਕਾਰੀ ਕਿਸਾਨਾਂ ਨਾਲ ਬਰਨਾਲਾ ਦੇ ਡੀਐੱਸਪੀ ਰਾਜੇਸ਼ ਸਨੇਹੀ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੋ ਦਿਨਾਂ ਵਿੱਚ ਮੁਲਜ਼ਮ ਸੈਕਟਰੀ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ।