ਜੋਗਿੰਦਰ ਸਿੰਘ ਮਾਨ
ਮਾਨਸਾ, 8 ਮਾਰਚ
ਪੰਜਾਬ ਐਂਡ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੋਰਚਾ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤੀ ਭੁੱਖ ਹੜਤਾਲ ਦੇ ਸੱਤਵੇਂ ਦਿਨ ਜ਼ਿਲ੍ਹਾ ਕਚਹਿਰੀਆਂ ਤੋਂ ਬੱਸ ਸਟੈਂਡ ਤੱਕ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਕੰਟਰੈਕਟ, ਦਿਹਾੜੀਦਾਰ ਅਤੇ ਆਉਟ-ਸੋਰਸਿੰਗ ਤੇ ਕੰਮ ਕਰਦੇ ਤਿੰਨ ਸਾਲ ਦੀ ਸੇਵਾ ਵਾਲੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਰੈਗੂਲਰ ਹੋਣ ਤੱਕ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ। ਇਸੇ ਦੌਰਾਨ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਮਾਨਸਾ ਵਿੱਚ ਗੁਰਪਿਆਰ ਸਿੰਘ ਕੋਟਲੀ, ਸੱਤਪਾਲ ਭੈਣੀ, ਜਗਦੇਵ ਸਿੰਘ ਘੁਰਕਣੀ, ਕੇਵਲ ਸਿੰਘ ਅਤੇ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੀ ਬੱਸ ਅੱਡਾ ਮਾਨਸਾ ਤੱਕ ਮੁਜ਼ਾਹਰਾ ਕਰਕੇ ਅਰਥੀ ਫੂਕੀ ਗਈ।ਇਹ ਅਰਥੀ ਫੂਕ ਮੁਜ਼ਾਹਰਾ ਬੀਤੀ ਕੱਲ੍ਹ ਪਟਿਆਲਾ ਵਿੱਚ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਕੀਤਾ ਗਿਆ।ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਸ਼ਾ ਵਰਕਰ, ਮਿਡ-ਡੇ-ਮੀਲ, ਆਂਗਣਵਾੜੀ ਵਰਕਰ ਅਤੇ ਠੇਕੇ ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ, ਡੀ.ਏ. ਦਾ 185 ਮਹੀਨਿਆਂ ਦਾ ਰਹਿੰਦਾ ਬਕਾਇਆ ਦਿੱਤਾ ਜਾਵੇ, ਮਹਿਕਮਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ, ਰੈਗੂਲਰ ਭਰਤੀ ਚਾਲੂ ਕੀਤੀ ਜਾਵੇ।
ਬਿਜਲੀ ਮੁਲਾਜ਼ਮਾਂ ਵੱਲੋਂ ਡਿਵੀਜ਼ਨ ਦਫ਼ਤਰ ਅੱਗੇ ਧਰਨਾ
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪਿੰਡ ਕੋਠਾ ਗੁਰੂ ਵਿਖੇ ਬਿਜਲੀ ਮੁਲਾਜ਼ਮਾਂ ਨੂੰ ਕਥਿਤ ਤੌਰ ‘ਤੇ ਬੰਦੀ ਬਣਾਉਣ ਵਾਲੇ ਲੋਕਾਂ ਖ਼ਿਲਾਫ ਕਾਰਵਾਈ ਨਾ ਹੋਣ ਕਾਰਨ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਅੱਜ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਡਿਵੀਜ਼ਨ ਦਫ਼ਤਰ ਭਗਤਾ ਭਾਈ ਅੱਗੇ ਰੋਸ ਧਰਨਾ ਦਿੱਤਾ ਗਿਆ। ਇਕੱਤਰ ਬਿਜਲੀ ਮੁਲਾਜ਼ਮਾਂ ਨੇ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਨਾ ਕਰਨ ਲਈ ਨਾਅਰੇਬਾਜ਼ੀ ਕੀਤੀ। ਟੀਐੱਸਯੂ ਦੇ ਸੂਬਾ ਮੀਤ ਪ੍ਰਧਾਨ ਨਗਿੰਦਰਪਾਲ ਸਿੰਘ, ਹਰਜਿੰਦਰ ਸਿੰਘ ਨਥਾਣਾ, ਐਂਪਲਾਈਜ ਫੈਡਰੇਸ਼ਨ ਸਰਕਲ ਬਠਿੰਡਾ ਦੇ ਸਕੱਤਰ ਬਿੰਦਰ ਸਿੰਘ ਨੇ ਕਿਹਾ ਕਿ ਨਾਜਾਇਜ਼ ਮੋਟਰ ਕੁਨੈਕਸ਼ਨ ਨੂੰ ਕੱਟਣ ਗਏ ਬਿਜਲੀ ਮੁਲਾਜ਼ਮਾਂ ਨੂੰ ਬੰਦੀ ਬਣਾਉਣ ਦੀ ਕਾਰਵਾਈ ‘ਚ ਸ਼ਾਮਲ ਲੋਕਾਂ ਖਿਲਾਫ ਪੁਲੀਸ ਪ੍ਰਸ਼ਾਸਨ ਵੱਲੋਂ ਲੋੜੀਂਦੀ ਕਾਰਵਾਈ ਨਾ ਕਰਨ ਕਰਕੇ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 11 ਮਾਰਚ ਨੂੰ ਡਿਵੀਜ਼ਨ ਦਫ਼ਤਰ ਭਗਤਾ ਭਾਈ ਵਿੱਚ ਮੀਟਿੰਗ ਬੁਲਾਈ ਗਈ ਹੈ।
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ
ਫਾਜ਼ਿਕਲਕਾ (ਪਰਮਜੀਤ ਸਿੰਘ): ਪੰਜਾਬ ਯੂਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲਾ ਫਾਜ਼ਿਲਕਾ ਵੱਲੋਂ ਸੂਬਾਈ ਫੈਸਲੇ ਦੇ ਮੁਤਾਬਕ ਕਨਵੀਨਰ ਨੋਪਾ ਰਾਮ,ਸ਼ੰਕਰ ਦਾਸ, ਕੇਵਲ ਕ੍ਰਿਸ਼ਨ ਦੀ ਪ੍ਰਧਾਨਗੀ ’ਚ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ 2 ਮਾਰਚ ਤੋਂ ਲਗਾਤਾਰ ਭੁੱਖ ਹੜਤਾਲ ਕਰਨ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਗਏ। ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕੁਲਬੀਰ ਸਿੰਘ ਢਾਬਾਂ ਨੇ ਹਾਰ ਪਹਿਨਾ ਕੇ ਭੁੱਖ ਹੜ੍ਹਤਾਲ ’ਤੇ ਬੈਠਾਇਆ। ਇਸ ਮੌਕੇ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ।