ਖੇਤਰੀ ਪ੍ਰਤੀਨਿਧ
ਬਰਨਾਲਾ, 25 ਸਤੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਜ਼ਿਲ੍ਹਾ ਕਨਵੀਨਰ ਗੁਲਾਬ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਹੁਣ ਲਾਅਰੇਬਾਜ਼ੀ ਨਾਲ ਵਾਅਦੇ ਤੋਂ ਟਲ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕਨਵੀਨਰ ਗੁਲਾਬ ਸਿੰਘ ਅਤੇ ਕੋ-ਕਨਵੀਨਰ ਦਲਜੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਦਾ ਸਬਜ਼ਬਾਗ਼ ਦਿਖਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਦੇ ਵਾਅਦਿਆਂ ਦੀ ਹਵਾ ਨਿੱਕਲ ਚੁੱਕੀ ਹੈ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨਿਰਮਲ ਸਿੰਘ ਪੱਖੋਂ ਕਲਾਂ, ਪਰਮਿੰਦਰ ਸਿੰਘ, ਮਲਕੀਤ ਸਿੰਘ ਪੱਤੀ, ਹੈੱਡਮਾਸਟਰ ਰਾਕੇਸ਼ ਕੁਮਾਰ, ਪਰਮਜੀਤ ਸਿੰਘ ਭਾਟੀਆ, ਕੇਵਲ ਸਿੰਘ, ਜਗਸੀਰ ਸਿੰਘ ਆਦਿ ਨੇ ਕਿਹਾ ਕਿ ਮੁਲਾਜ਼ਮ ਆਪਣੀ ਮੰਗ ਦੀ ਪੂਰਤੀ ਲਈ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਹਰਿੰਦਰ ਕੁਮਾਰ, ਤਰਸੇਮ ਸਿੰਘ ਭੱਠਲ, ਖੁਸ਼ਮਿੰਦਰਪਾਲ ਤੇ ਬਲਵੰਤ ਸਿੰਘ ਭੁੱਲਰ ਆਦਿ ਨੇ ਵੀ ਸੰਬੋਧਨ ਕੀਤਾ।