ਜਸਵੰਤ ਜੱਸ
ਫ਼ਰੀਦਕੋਟ, 3 ਜੁਲਾਈ
ਜ਼ਿਲਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਰਾਊਂਡ ਗਲਾਸ ਫਾਊਂਡੇਸ਼ਨ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫ਼ਰੀਦਕੋਟ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਣ ਮਹਾਂ-ਉਤਸਵ ਸਮਾਗਮ ਕਰਵਾਇਆ ਗਿਆ। ਇਸ ਵਿੱਚ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਰੁੱਖਾਂ ਤੋਂ ਬਿਨਾਂ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਵੈ-ਸੇਵੀ ਸੰਸਥਾਵਾਂ ਵੱਲੋਂ ਵਿੱਢੀ ਮੁਹਿੰਮ ਦੀ ਸਹਾਰਨਾ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਕੇਂਦਰ ਵਿੱਚ ਸੈਰਗਾਹ ਬਣਾ ਕੇ ਇਸ ਨੂੰ ਹੋਰ ਵਿਕਸਿਤ ਕੀਤਾ ਜਾਵੇਗਾ। ਡੀਸੀ ਡਾ. ਰੂਹੀ ਦੁੱਗ ਨੇ ਕਿਹਾ ਕਿ ਅੱਜ ਫ਼ਰੀਦਕੋਟ ਜ਼ਿਲ੍ਹੇ ਦੀ ਸਥਾਪਨਾ ਦੇ 50 ਸਾਲਾਂ ਨੂੰ ਸਮਰਪਿਤ ਜ਼ਿਲ੍ਹੇ ਭਰ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਪ੍ਰਸ਼ਾਸਨ ਵੱਲੋਂ ਸੰਸਥਾਵਾਂ, ਪੰਚਾਇਤਾਂ ਦੇ ਸਹਿਯੋਗ ਨਾਲ 50 ਮਿਨੀ ਜੰਗਲ ਸਥਾਪਤ ਕੀਤੇ ਜਾਣਗੇ ਅਤੇ ਇਨ੍ਹਾਂ ਦੀ ਨਿਰੰਤਰ ਸੰਭਾਲ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਡੇਢ ਲੱਖ ਬੂਟੇ ਲਗਾਏ ਜਾਣਗੇ।
ਸੱਭਿਆਚਾਰਕ ਕੇਂਦਰ ਵਿਖੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਸੰਸਥਾ ਵੱਲੋਂ ਡਾ. ਅਮਨਦੀਪ ਕੇਸ਼ਵ, ਰਜਨੀਸ਼ ਕੁਮਾਰ ਵੱਲੋਂ ਬੂਟੇ ਦੇ ਕੇ ਸਮੂਹ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।