ਜਸਵੰਤ ਜੱਸ
ਫਰੀਦਕੋਟ, 11 ਨਵੰਬਰ
ਪ੍ਰਸ਼ਾਸਨ ਦੀ ਸਖਤੀ ਦੇ ਬਾਵਜੂਦ ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕੋਈ ਕਮੀ ਨਹੀਂ ਆਈ। ਹੁਣ ਤੱਕ ਫਰੀਦਕੋਟ ਜ਼ਿਲ੍ਹੇ ਵਿੱਚ 203 ਥਾਵਾਂ ’ਤੇ ਅੱਗ ਲੱਗਣ ਦੀ ਸੂਚਨਾ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਫਰੀਦਕੋਟ ਜ਼ਿਲ੍ਹੇ ਦੇ 102 ਕਿਸਾਨਾਂ ਖਿਲਾਫ ਪਰਚਾ ਦਰਜ ਕਰਕੇ ਉਨ੍ਹਾਂ ਨੂੰ 3 ਲੱਖ 32 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਮਾਲ ਵਿਭਾਗ ਵਿੱਚ ਰੈੱਡ ਐਂਟਰੀ ਵੀ ਦਰਜ ਕਰ ਦਿੱਤੀ। ਜ਼ਿਲ੍ਹਾ ਪੁਲੀਸ ਮੁਖੀ ਡਿਪਟੀ ਕਮਿਸ਼ਨਰ ਅਤੇ 200 ਮੁਲਾਜ਼ਮ ਪਿਛਲੇ ਇੱਕ ਹਫਤੇ ਤੋਂ ਖੇਤਾਂ ਵਿੱਚ ਪਰਾਲੀ ਦੀਆਂ ਘਟਨਾਵਾਂ ਰੋਕਣ ਲਈ ਸਰਗਰਮ ਹਨ ਪਰ ਇਸ ਦੇ ਬਾਵਜੂਦ ਪਰਾਲੀ ਨੂੰ ਅੱਗ ਲੱਗਣੀ ਜਾਰੀ ਹੈ। ਕਿਸਾਨਾਂ ਨੇ ਪਰਾਲੀ ਸਾੜਨ ਨੂੰ ਆਪਣੀ ਮਜਬੂਰੀ ਦੱਸਦਿਆਂ ਸਖਤੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਾ ਦਿੱਤੀ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜ਼ਿਲ੍ਹੇ ਵਿੱਚ ਹੁਣ ਤੱਕ 203 ਅੱਗ ਲੱਗਣ ਕੇਸਾਂ ਦੀ ਰਿਪੋਰਟ ਭੇਜੀ ਗਈ ਹੈ, ਜਿਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 102 ਕੇਸ ਸਾਹਮਣੇ ਆਏ ਹਨ। ਇਨ੍ਹਾਂ 102 ਕੇਸਾਂ ‘ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਗ ਲਗਾਉਣ ਵਾਲੇ ਵਿਅਕਤੀਆਂ ਨੂੰ ਹੁਣ ਤੱਕ 3 ਲੱਖ 32 ਹਜ਼ਾਰ 500 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ, ਜਿਸ ਵਿੱਚ 1 ਲੱਖ 95 ਹਜ਼ਾਰ ਰੁਪਏ ਦੀ ਹੁਣ ਤੱਕ ਰਿਕਵਰੀ ਕੀਤੀ ਜਾ ਚੁੱਕੀ ਹੈ।
ਇਸ ਦੌਾਨ ਉਨ੍ਹਾਂ ਇਹ ਵੀ ਦੱਸਿਆ ਕਿ ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ, ਨੋਡਲ ਅਤੇ ਕਲੱਸਟਰ ਅਫਸਰ ਲਗਾਤਾਰ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਕਰ ਰਹੇ ਹਨ ਅਤੇ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ।