ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 10 ਮਾਰਚ
ਖੇਤੀ ਕਾਨੂੰਨ ਰੱਦ ਕਰਾਉਣ ਅਤੇ ਕਿਰਤ ਕਾਨੂੰਨਾਂ ’ਚ ਕੀਤੀਆਂ ਸੋਧਾਂ ਦੀ ਵਾਪਸੀ, ਦਲਿਤਾਂ ਤੇ ਜਬਰ ਬੰਦ ਕਰਨ ਸਮੇਤ ਭਖਦੀਆਂ ਮਜ਼ਦੂਰ ਮੰਗਾਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 15 ਮਾਰਚ ਨੂੰ ਦਾਣਾ ਮੰਡੀ ਬਠਿੰਡਾ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸਬੰਧੀ ਲਾਮਬੰਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ, ਜਿਸ ਤਹਿਤ ਪਿੰਡ ਬੂੜਾ ਗੁੱਜਰ, ਭਾਗਸਰ, ਲੱਖੇਵਾਲੀ, ਖੁੰਡੇ ਹਲਾਲ, ਭੁੱਟੀਵਾਲਾ, ਛੱਤੇਆਣਾ ਤੇ ਖੂਨਣ ਖੁਰਦ ਸਮੇਤ ਦਰਜਨਾਂ ਪਿੰਡਾਂ ’ਚ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਗਈਆਂ। ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਰਾਜਾ ਖੂਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਜਸਵਿੰਦਰ ਸਿੰਘ ਸੰਗੂਧੌਣ ਤੇ ਇੰਦਰਜੀਤ ਸਿੰਘ ਲੱਖੇਵਾਲੀ ਕਿਹਾ ਕਿ ਮੋਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਦਲਿਤਾਂ ’ਤੇ ਜਾਤ-ਪਾਤ ਸਬੰਧੀ ਵਿਤਕਰੇ ਤੇ ਅੱਤਿਆਚਾਰਾਂ ’ਚ ਭਾਰੀ ਵਾਧਾ ਹੋਇਆ ਹੈ, ਜਿਸ ਦੀ ਪੁਸ਼ਟੀ ਨੈਸ਼ਨਲ ਕਰਾਈਮ ਬਿਊਰੋ ਵੱਲੋਂ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜਥੇਬੰਦੀ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ, ਕਿਰਤ ਕਾਨੂੰਨਾਂ ’ਚ ਸੋਧਾਂ ਰੱਦ ਕਰਨ, ਮਜ਼ਦੂਰਾਂ ਦੇ ਕਰਜ਼ੇ ਤੇ ਬਿਜਲੀ ਬਿੱਲ ਮੁਆਫ਼ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਮਜ਼ਦੂਰਾਂ ਦੇ ਰੁਜ਼ਗਾਰ ਦੀ ਗਾਰੰਟੀ ਤੇ ਜ਼ਮੀਨਾਂ ਦੀ ਵੰਡ ਕਰਨ ਮੰਗਾਂ ਸਬੰਧੀ 15 ਮਾਰਚ ਨੂੰ ਬਠਿੰਡਾ ਵਿੱਚ ਕੀਤੀ ਜਾ ਰਹੀ ਸੂਬਾਈ ਰੈਲੀ ’ਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ।