ਪਵਨ ਗੋਇਲ
ਭੁੱਚੋ ਮੰਡੀ, 11 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ, ਚੁਕਾਈ, ਅਦਾਇਗੀ, ਪਰਾਲੀ ਸਾੜਨ ਦੇ ਦੁੱਗਣੇ ਕੀਤੇ ਜੁਰਮਾਨੇ ਰੱਦ ਕਰਨ ਅਤੇ ਨਮੀ ਦੀ ਹੱਦ 22 ਫੀਸਦੀ ਕਰਵਾਉਣ ਲਈ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਚੱਲ ਰਿਹਾ ਪੱਕਾ ਮੋਰਚਾ ਅੱਜ 26ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਅਤੇ ਬੀਬੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦੀ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਭਰ ਵਿੱਚ ਜੁਝਾਰੂ ਕਿਸਾਨਾਂ ਦੇ ਕਾਫਲੇ ਮੰਡੀਆਂ ਵਿੱਚ ਡਟਣਗੇ ਅਤੇ ਝੋਨੇ ਦੀ ਖਰੀਦ ਅਤੇ ਚੁਕਾਈ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਦਾ ਘਿਰਾਓ ਕਰਨਗੇ। ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਪਾਉਣ ਅਤੇ ਦੁੱਗਣੇ ਜੁਰਮਾਨੇ ਕਰਨ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਰਾਲੀ ਸਾੜਨ ’ਤੇ ਜੁਰਮਾਨੇ ਦੁੱਗਣੇ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਇਸ ਮੌਕੇ ਕਿਸਾਨ ਆਗੂ ਨਿਗੋਰ ਸਿੰਘ, ਨਿਰਮਲ ਸਿੰਘ, ਕਰਮਜੀਤ ਕੌਰ ਲਹਿਰਾ ਖਾਨਾ ਅਤੇ ਅਜਮੇਰ ਸਿੰਘ ਨੇ ਸੰਬੋਧਨ ਕੀਤਾ।
ਲੰਬੀ: ਨਾਇਬ ਤਹਿਸੀਦਾਰ ਦਾ ਘਿਰਾਓ ਭਲਕੇ
ਲੰਬੀ (ਇਕਬਾਲ ਸਿੰਘ ਸ਼ਾਂਤ): ਭਾਕਿਯੂ (ਏਕਤਾ) ਉਗਰਾਹਾਂ ਬਲਾਕ ਲੰਬੀ ਵੱਲੋਂ ਝੋਨੇ ਦੇ ਮਾੜੇ ਖਰੀਦ ਪ੍ਰਬੰਧ, ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਪ੍ਰਬੰਧ ਨਾ ਕਰਨ ਅਤੇ ਡੀਏਪੀ ਦੀ ਕਿੱਲਤ ਸੰਬੰਧੀ 13 ਨਵੰਬਰ ਨੂੰ ਨਾਇਬ ਤਹਿਸੀਲਦਾਰ ਲੰਬੀ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ। ਇਸ ਬਾਰੇ ਭਾਕਿਯੂ (ਏਕਤਾ) ਉਗਰਾਹਾਂ ਬਲਾਕ ਲੰਬੀ ਦੀ ਅੱਜ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਦੀ ਅਗਵਾਈ ਵਿੱਚ ਹੋਈ।