ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 22 ਮਈ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ-ਮਜ਼ਦੂਰਾਂ ਵੱਲੋਂ ਰਾਮਪੁਰਾ ਦੇ ਰੇਲਵੇ ਸਟੇਸ਼ਨ ’ਤੇ ਲਗਾਇਆ ਧਰਨਾ ਅੱਜ 234ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਧਰਨੇ ਵਿੱਚ ਕਿਸਾਨਾਂ-ਮਜ਼ਦੂਰਾਂ ਤੋ ਇਲਾਵਾ ਔਰਤਾਂ ਨੇ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਮਨਜੀਤ ਧਨੇਰ ਵਿਰੁੱਧ ਕਥਿਤ ਭੰਡੀ ਪ੍ਰਚਾਰ ਕਰਨ ਵਾਲੇ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਦੀ ਕੋਠੀ ਦਾ ਘਿਰਾਓ ਕਰਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਵਾ ਫੂਲੇਵਾਲਾ , ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਸਵਰਨ ਸਿੰਘ ਭਾਈਰੂਪਾ, ਸਾਧਾ ਸਿੰਘ ਖੋਖਰ ਮੱਖਣ ਸਿੰਘ ਸੇਲਬਰਾਹ ਗੁਰਦੀਪ ਸਿੰਘ ਸੇਲਬਰਾਹ, ਟੀਐਸਯੂ ਦੇ ਆਗੂ ਗੁਰਕੀਰਤ ਸਿੰਘ ਔਲਖ ਤੇ ਡੀਟੀਐੱਫ ਦੇ ਮਾਸਟਰ ਬੇਅੰਤ ਸਿੰਘ ਫੂਲੇਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਪਿਛਲੇ ਦਿਨੀਂ ਕਾਨਫਰੰਸ ਦੌਰਾਨ ਅਕਾਲੀ ਦਲ ਨਾਲ ਸਬੰਧਤ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕੀਤਾ ਗਿਆ ਸੀ। ਇਸ ਮਗਰੋਂ ਅਕਾਲੀ ਆਗੂਆਂ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਖ਼ਿਲਾਫ਼ ਸੋਸ਼ਲ ਮੀਡੀਆ ਅਤੇ ਹੋਰ ਢੰਗਾਂ ਨਾਲ ਰਾਹੀਂ ਭੰਡੀ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ।