ਅਬੋਹਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ-ਰਾਜਸਥਾਨ ਨੈਸ਼ਨਲ ਹਾਈਵੇਅ ’ਤੇ ਸਥਿਤ ਗੁਮਜਾਲ ਬਾਰਡਰ ਨੇੜੇ ਲਗਾਇਆ ਗਿਆ ਪੱਕਾ ਮੋਰਚਾ ਅੱਜ ਚੌਥੇ ਦਿਨ ’ਚ ਦਾਖ਼ਲ ਹੋ ਗਿਆ। ਅੱਜ ਕਿਸਾਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਕਿਸਾਨ ਆਗੂ ਐਡਵੋਕੇਟ ਸੁਸ਼ੀਲ ਸਿਹਾਗ, ਭੁਪਿੰਦਰ ਸਿੰਘ ਟਿੱਕਾ, ਅਮਰ ਸਿੰਘ ਬਿਸ਼ਨੋਈ ਅਤੇ ਰਾਮ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਨਾਲ ਨੁਕਸਾਨੀ ਕਿੰਨੂ ਅਤੇ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਗਿਰਦਾਵਰੀ ਦਾ ਕੋਈ ਹੁਕਮ ਨਹੀਂ ਦਿੱਤਾ ਹੈ। ਜਦੋਂ ਤੱਕ ਸਰਕਾਰ ਮੁਆਵਜ਼ੇ ਦਾ ਐਲਾਨ ਨਹੀਂ ਕਰਦੀ, ਉਦੋਂ ਤੱਕ ਕਿਸਾਨ ਧਰਨੇ ’ਤੇ ਡਟੇ ਰਹਿਣਗੇ। -ਪੱਤਰ ਪ੍ਰੇਰਕ