ਮਹਿੰਦਰ ਸਿੰਘ ਰੱਤੀਆਂ
ਮੋਗਾ, 31 ਜਨਵਰੀ
ਇਥੇ ਜ਼ਿਲ੍ਹਾ ਸਕੱਤਰੇਤ ਵਿੱਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮੌਕੇ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅੱਜ ਮੋਦੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਤੇ ਵਿਸ਼ਵਾਸਘਾਤ ਦਿਵਸ ਮਨਾਇਆ। ਬੀਕੇਯੂ ਏਕਤਾ ਉਗਰਾਹਾਂ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਕਰੀਬ ਡੇਢ ਮਹੀਨਾ ਬੀਤ ਜਾਣ ਬਾਵਜੂਦ ਕੇਂਦਰ ਸਰਕਾਰ ਵੱਲੋਂ ਐਲਾਨ ਕੀਤੇ ਸਮਝੌਤੇ ਲਾਗੂ ਨਾ ਕਰਨ ਦੇ ਵਿਰੋਧ ’ਚ ਅੱਜ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ ਤੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਸਾੜੇ ਗਏ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਪ੍ਰੀਤ): ਮੁਕਤਸਰ ਸ਼ਹਿਰ ਤਿੰਨ ਜਗ੍ਹਾ ’ਤੇ ਮੁਜ਼ਾਹਰਾ ਕਰਦੇ ਹੋਏ ਕਿਸਾਨ ਜਥੇਬੰਦੀਆਂ ਵਿਸ਼ਵਾਸਘਾਤ ਦਿਵਸ ਮਨਾਇਆ।
ਫਰੀਦਕੋਟ (ਜਸਵੰਤ ਜੱਸ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਫ਼ਰੀਦਕੋਟ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ ਅਤੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕਿਸਾਨ ਅੰਦੋਲਨ ਮੌਕੇ ਕੀਤੇ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ। ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਮਸਲੇ ਹੱਲ ਕਰਨ ਦੀ ਬਜਾਏ ਮੋਦੀ ਸਰਕਾਰ ਦੀ ਮਿਲੀ ਭੁਗਤ ਨਾਲ ਦਿੱਲੀ ਪੁਲੀਸ ਵੱਲੋਂ 26 ਜਨਵਰੀ ਸਮੇਂ ਹੋਏ ਲੋਕਾਂ ਉੱਪਰ ਪਰਚਿਆਂ ਦੇ ਚਲਾਨ ਪੇਸ਼ ਕੀਤੇ ਜਾ ਰਹੇ ਹਨ।
ਬਠਿੰਡਾ (ਮਨੋਜ ਸ਼ਰਮਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਡੀਸੀ ਦਫ਼ਤਰ ਦੇ ਸਾਹਮਣੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਵਸ ਮਨਾਉਂਦਿਆਂ ਧਰਨਾ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਰੋਸ ਮਾਰਚ ਕਰਦਿਆਂ ਬੱਸ ਸਟੈਂਡ ਚੌਕ ਵਿਚ ਕੇਂਦਰ ਦੀ ਅਰਥੀ ਫੂਕੀ ਅਤੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਤੇ ਪੰਜਾਬ ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਆੜ ਵਿੱਚ ਸਕੂਲ ਬੰਦ ਕੀਤੇ ਹੋਏ ਹਨ ਅਤੇ ਸ਼ਰਾਬ ਦੇ ਠੇਕਿਆਂ ਨੂੰ ਖੁੱਲ੍ਹੇ ਰੱਖਿਆ ਹੋਇਆ ਹੈ। ਇਸ ਦੋਗਲੀ ਨੀਤੀ ਖ਼ਿਲਾਫ਼ 7 ਫਰਵਰੀ ਨੂੰ ਪੂਰੇ ਪੰਜਾਬ ਵਿੱਚ 3 ਘੰਟੇ ਸਾਰੇ ਨੈਸ਼ਨਲ ਹਾਈਵੇ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਡੀਸੀ ਦਫ਼ਤਰ ਮੂਹਰੇ ਇਕੱਠ ਨੂੰ ਸੰਬੋਧਨ ਕਰਦਿਆਂ ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮਹਿਲਾ ਜਥੇਬੰਦੀ ਦੀ ਸੂਬਾਈ ਆਗੂ ਹਰਿੰਦਰ ਕੌਰ ਬਿੰਦੂ ਨੇ ਆਖਿਆ ਕਿ ਕੇਂਦਰ ਸਰਕਾਰ ਲਿਖਤੀ ਸਮਝੌਤੇ ਕਰਕੇ ਵੀ ਮੁੱਕਰ ਗਈ ਹੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਕੇਂਦਰ ਸਰਕਾਰ ਵੱਲੋਂ ਕੀਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਦੇ ਰੋਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਜ਼ਿਲ੍ਹਾ ਕਚਹਿਰੀਆਂ ਵਿੱਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ।
ਸਿਰਸਾ (ਪ੍ਰਭੂ ਦਿਆਲ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕ ਕੇ ਵਿਸ਼ਵਾਸਘਾਤ ਦਿਵਸ ਮਨਾਇਆ।
ਬਰਨਾਲਾ (ਪਰਸ਼ੋਤਮ ਬੱਲੀ): ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਅੱਜ ਬਰਨਾਲਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅਲੱਗ-ਅਲੱਗ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਮੋਦੀ ਹਕੂਮਤ ਦੇ ਪੁਤਲੇ ਫੂਕੇ ਅਤੇ ਮੰਗਾਂ ਸੰਬੰਧੀ ਪ੍ਰਸਾਸ਼ਨ ਨੂੰ ਮੰਗ ਪੱਤਰ ਸੌਂਪੇ। ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਹੇਠ ਕਚਹਿਰੀ ਚੌਕ ਵਿਖੇ ਧਰਨਾ ਦੇਣ ਤੋਂ ਬਾਅਦ ਡੀ.ਸੀ. ਦਫ਼ਤਰ ਤੱਕ ਮਾਰਚ ਕਰਕੇ ਰਾਸ਼ਟਰਪਤੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਪਿਆ।
ਫਾਜ਼ਿਲਕਾ (ਪਰਮਜੀਤ ਸਿੰਘ): ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਬੀ.ਕੇ.ਯੂ ਕਾਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵਿਸ਼ਵਾਸਘਾਤ ਦਿਵਸ ਮਨਾਇਆ ਅਤੇ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਦੌਰਾਨ ਸ਼ਹਿਣਾ, ਮਹਿਲ ਕਲਾਂ, ਅਬੋਹਰ, ਲੰਬੀ, ਤਲਵੰਡੀ ਸਾਬੋ ਅਤੇ ਹੋਰਨਾਂ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ।