ਪੱਤਰ ਪੇ੍ਰਕ
ਬੁਢਲਾਡਾ, 4 ਜੁਲਾਈ
ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ਉੱਤੇ ਚੱਲ ਰਿਹਾ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲਾ ਸਾਂਝਾ ਧਰਨਾ 276ਵੇਂ ਦਿਨ ਵਿੱਚ ਸ਼ਾਮਲ ਹੋਇਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਸੂਬੇ ਦੇ ਕਿਰਤੀ ਕਿਸਾਨਾਂ, ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ 6 ਜੁਲਾਈ ਨੂੰ ਬਿਜਲੀ ਸੰਕਟ ਸਬੰਧੀ ਪਟਿਆਲਾ ਦਾ ਮੋਤੀ ਮਹਿਲ ਘੇਰਨ ਲਈ ਹੁੰਮਹੁੰਮਾ ਕੇ ਪਹੁੰਚਣ।
ਬੀ.ਕੇ.ਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਬਲਾਕ ਪ੍ਰਧਾਨ ਸਤਪਾਲ ਸਿੰਘ ਬਰ੍ਹੇ, ਸਵਰਨਜੀਤ ਸਿੰਘ ਦਲਿਓ, ਤੇਜ਼ ਰਾਮ ਅਹਿਮਦਪੁਰ, ਮੱਖਣ ਸਿੰਘ ਗੁਰਨੇ, ਗੁਰਦਰਸ਼ਨ ਸਿੰਘ ਰੱਲੀ, ਬਸੰਤ ਸਿੰਘ ਸਹਾਰਨਾ, ਅਜੈਬ ਸਿੰਘ ਔਲਖ, ਗੁਰਦੇਵ ਦਾਸ ਬੋੜਾਵਾਲ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਆਰਥਿਕ ਆਜ਼ਾਦੀ ਨੂੰ ਬਚਾਉਣ ਲਈ ਹਰ ਇੱਕ ਦੇਸ਼ ਵਾਸੀ ਨੂੰ ਇਸ ਅੰਦੋਲਨ ਦਾ ਹਿੱਸਾ ਬਣਦਾ ਚਾਹੀਦਾ ਹੈ।
ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ’ਚ ਪੱਕਾ ਧਰਨਾ ਜਾਰੀ
ਮਹਿਲ ਕਲਾਂ (ਨਵਕਿਰਨ ਸਿੰਘ): ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ਵਿੱਚ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ ਤੇ ਕਿਸਾਨਾਂ ਵੱਲੋਂ ਅੱਜ ਵੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਜਥੇਦਾਰ ਅਜਮੇਰ ਸਿੰਘ, ਸ਼ਮਸ਼ੇਰ ਸਿੰਘ ਹੁੰਦਲ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਯਕੀਨੀ ਬਣਾਉਣ ਨਾਲ ਹੀ ਖੇਤੀ ਵਿਭਿੰਨਤਾ ਅਪਣਾਈ ਜਾ ਸਕਦੀ ਹੈ ਪਰ ਸਰਕਾਰ ਖੇਤੀ ਕਾਨੂੰਨ ਲਾਗੂ ਕਰਦਿਆਂ ਐੱਮਐੱਸਪੀ ਤੋਂ ਹੱਥ ਪਿਛਾਂਹ ਖਿੱਚ ਕੇ ਖੇਤੀ ਖੇਤਰ ’ਚੋਂ ਛੋਟੇ ਕਿਸਾਨਾਂ ਨੂੰ ਬਾਹਰ ਕਰਨ ਲਈ ਕੰਮ ਕਰ ਰਹੀ ਹੈ।