ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 2 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਪਿਛਲੇ ਸਮੇਂ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ।
ਦੱਸਣਯੋਗ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ। ਅੱਜ ਬਠਿੰਡਾ-ਮਾਨਸਾ ਜ਼ਿਲ੍ਹਿਆਂ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਥੇ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਨ੍ਹਾਂ ਕਿਸੇ ਰਾਜਸੀ ਹਿੱਤ ਤੋਂ ਸਮੁੱਚੀ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਜਿੱਥੇ ਵੀ ਕਿਸਾਨ ਆਵਾਜ਼ ਮਾਰਨਗੇ, ਉਹ ਹਰ ਸਹਿਯੋਗ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਦਿਨੀਂ ਉਤਰਾਖੰਡ ਦੇ ਪੰਜਾਬੀ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਪੁਲੀਸ ਵੱਲੋਂ ਧੱਕੇਸ਼ਾਹੀ ਕਰਨ ਦੀ ਗੱਲ ਕਿਸਾਨਾਂ ਨੇ ਉਨ੍ਹਾਂ ਤੱਕ ਪਹੁੰਚਾਈ ਤਾਂ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਉੱਥੇ ਭੇਜਿਆ ਅਤੇ ਮਸਲਾ ਹੱਲ ਕਰਵਾਇਆ।
ਉੱਧਰ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਕਰੀਬ 12 ਪੀੜਤ ਪਰਿਵਾਰਾਂ ਨੂੰ ਇੱਕ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ। ਇਸ ਮੌਕੇ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਆਦਿ ਹਾਜ਼ਰ ਸਨ।