ਬਲਜੀਤ ਸਿੰਘ
ਸਰਦੂਲਗੜ੍ਹ, 16 ਜੂਨ
ਸਯੁੰਕਤ ਕਿਸਾਨ ਮੋਰਚਾ ਦੀਆਂ 22 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਕਿਸਾਨਾਂ ਅਤੇ ਆਗੂਆਂ ਵੱਲੋਂ ਤਹਿਸੀਲਦਾਰ ਸਰਦੂਲਗੜ੍ਹ ਰਾਹੀਂ ਸੂਬਾ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਸਤਪਾਲ ਚੋਪੜਾ, ਜੁਗਰਾਜ ਸਿੰਘ ਹੀਰਕੇ ਅਤੇ ਕਾਮਰੇਡ ਲਾਲ ਚੰਦ ਆਦਿ ਨੇ ਦੱਸਿਆ ਕਿ ਸਮੂਹ ਜਥੇਬੰਦੀਆਂ ਦੀ ਮੰਗ ਹੈ ਕਿ ਮੂੰਗੀ ਅਤੇ ਮੱਕੀ ਦੀ ਫਸਲ ਦਾ ਦਾਣਾ-ਦਾਣਾ ਐੱਮਐੱਸਪੀ ’ਤੇ ਖਰੀਦਿਆ ਜਾਵੇ। ਖਰੀਦ ਕਰਨ ਸਮੇਂ ਲਗਾਈਆਂ ਬੇਲੋੜੀਆਂ ਸਰਤਾਂ ਖਤਮ ਕੀਤੀਆਂ ਜਾਣ। ਕਿਸਾਨਾਂ ਨੂੰ ਖੇਤੀ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਪੂਰਾ ਸ਼ੀਜਨ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇ ਆਦਿ ਮੰਗਾਂ ਨੂੰ ਤੁਰੰਤ ਪੂਰਾ ਕਰਨ ਲਈ ਇਹ ਮੰਗ ਪੱਤਰ ਤਹਿਸੀਲਦਾਰ ਸਰਦੂਲਗੜ੍ਹ ਰਾਹੀਂ ਸੂਬਾ ਸਰਕਾਰ ਨੂੰ ਭੇਜਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਹ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮੰਗਾਂ ਮਨਵਾਉਣ ਤੱਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਮੋਗਾ/ਨਿਹਾਲ ਸਿੰਘ ਵਾਲਾ(ਪੱਤਰ ਪ੍ਰੇਰਕ): ਇਥੇ ਕਿਰਤੀ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ (ਰੁਲਦੂ ਮਾਨਸਾ) ਬੀਕੇਯੂ ਕਾਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਕਿਸਾਨ ਮੰਗਾਂ ਦੀ ਪੂਰਤੀ ਲਈ ਡੀਸੀ ਮੋਗਾ ਦੀ ਗੈਰ ਮੌਜੂਦਗੀ ਵਿੱਚ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।
ਮੂੰਗੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦਾ ਦੋਸ਼
ਮਹਿਲ ਕਲਾਂ (ਪੱਤਰ ਪ੍ਰੇਰਕ): ਇਥੇ ਅੱਜ ਕਿਸਾਨਾਂ ਵੱਲੋਂ ਤਹਿਸੀਲ ਦਫਤਰ ਮਹਿਲ ਕਲਾਂ ਰਾਹੀਂ ਇੱਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਮੱਕੀ ਤੇ ਮੂੰਗੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੇਵ ਸਿੰਘ ਮਾਂਗੇਵਾਲ ਜਨਰਲ ਸਕੱਤਰ ਮਲਕੀਤ ਸਿੰਘ ਮਹਿਲ ਕਲਾਂ,ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ,ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸੀਰਾ ਛੀਨੀਵਾਲ,ਜ਼ਿਲ੍ਹਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਸਹੌਰ ਅਤੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਨੇ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਵੱਡੀ ਪੱਧਰ ’ਤੇ ਪ੍ਰਚਾਰ ਕੀਤਾ ਹੈ ਕਿ ਉਨ੍ਹਾਂ ਮੂੰਗੀ ਦੀ ਫ਼ਸਲ ਐੱਮਐੱਸਪੀ ਤਹਿਤ ਖਰੀਦਣ ਦੇ ਪ੍ਰਬੰਧ ਕੀਤੇ ਹਨ ਜਦ ਕਿ ਦੂਜੇ ਪਾਸੇ ਅੱਜ ਮੂੰਗੀ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਮੂੰਗੀ ਦੀ ਖਰੀਦ ਸਬੰਧੀ ਥੋਪੀਆਂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ।