ਪੱਤਰ ਪ੍ਰੇਰਕ
ਮਾਨਸਾ, 31 ਜੁਲਾਈ
ਪੰਜਾਬ ’ਚ ਮੂੰਗੀ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਕੀਤੇ ਵਾਅਦੇ ਤੋਂ ਬਾਅਦ ਮਲਵਈ ਕਿਸਾਨਾਂ ਵੱਲੋਂ ਮੂੰਗੀ ਵੱਲ ਮੋੜਾ ਕੀਤਾ ਗਿਆ ਸੀ ਪਰ ਹੁਣ ਇਨ੍ਹਾਂ ਕਿਸਾਨਾਂ ’ਚੋਂ ਕੁੱਝ ਕਿਸਾਨ ਅੱਕ-ਥੱਕ ਕੇ ਮੂੰਗੀ ਨੂੰ ਖੇਤਾਂ ਵਿੱਚ ਹੀ ਵਾਹੁਣ ਲੱਗ ਪਏ ਹਨ। ਇਸ ਤੋਂ ਪਹਿਲਾਂ ਜਿਹੜੇ ਕਿਸਾਨਾਂ ਨੇ ਮੰਡੀ ਵਿੱਚ ਮੂੰਗੀ ਵੇਚਣ ਦਾ ਉਪਰਾਲਾ ਕੀਤਾ, ਉਨ੍ਹਾਂ ਨੂੰ ਵੀ ਪੂਰਾ ਭਾਅ ਨਹੀਂ ਮਿਲ ਸਕਿਆ, ਜਿਸ ਕਰ ਕੇ ਸਰਕਾਰ ਖਿਲਾਫ਼ ਕਿਸਾਨ ਜਥੇਬੰਦੀਆਂ ਮੈਦਾਨ ਵਿੱਚ ਨਿਤਰ ਆਈਆਂ ਹਨ।
ਉੱਧਰ, ਅੱਜ ਇਸ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਮੂੰਗੀ ਦੀ ਫ਼ਸਲ ਤੋਂ ਅੱਕੇ ਹੋਏ ਕਿਸਾਨਾਂ ਨੇ ਨਰਮੇ ਵਾਂਗ ਖੇਤਾਂ ਵਿੱਚ ਹੀ ਖੜ੍ਹੀ ਮੂੰਗੀ ਦੀ ਫ਼ਸਲ ਵਾਹ ਦਿੱਤੀ। ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਵਿੱਚ ਪਿੰਡ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਇੱਕ ਕਿਸਾਨ ਚਮਕੌਰ ਸਿੰਘ ਨੇ ਪੰਜ ਏਕੜ ਮੂੰਗੀ ਦੀ ਫ਼ਸਲ ਵਾਹ ਦਿੱਤੀ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪਿੰਡ ’ਚ ਲਗਪਗ 700 ਏਕੜ ਮੂੰਗੀ ਅਤੇ ਮੱਕੀ ਦੀ ਫ਼ਸਲ ਦੀ ਬਿਜਾਈ ਹੋਈ ਸੀ, ਪਰ ਕਿਸੇ ਵੀ ਕਿਸਾਨ ਨੂੰ ਇਸ ਦਾ ਲਾਭ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਗਲਤ ਨੀਤੀ ਅਤੇ ਮੌਸਮ ਦੀ ਖ਼ਰਾਬੀ ਕਾਰਨ ਬਰਬਾਦ ਹੋਈ ਫ਼ਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਨੇ ਮੂੰਗੀ ਦੀ ਫਸਲ ਵਿੱਚ ਨਮੀ ਜ਼ਿਆਦਾ ਹੋਣ ਦਾ ਬਹਾਨਾ ਬਣਾ ਕੇ ਫ਼ਸਲ ਖਰੀਦਣ ਤੋਂ ਇਨਕਾਰ ਕਰ ਦਿੱਤਾ ਅਤੇ ਉੱਪਰੋਂ ਮੌਸਮ ਖ਼ਰਾਬ ਹੋਣ ਕਾਰਨ ਕਿਸਾਨਾਂ ਨੂੰ ਖਰਚਾ ਕਰਨ ਤੋਂ ਬਾਅਦ ਵੀ ਮੂੰਗੀ ਦੀ ਫ਼ਸਲ ਵਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ।