ਨਿੱਜੀ ਪੱਤਰ ਪ੍ਰੇਰਕ
ਮੋਗਾ,11 ਅਕਤੂਬਰ
ਸੂਬਾ ਭਰ ਵਿੱਚ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿਨ ਰਾਤ ਪੱਕੇ ਧਰਨਿਆਂ ਉੱਤੇ ਡਟੇ ਹਨ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਲਈ ਸਾਈਕਲਾਂ ਉੱਤੇ ਚੜ੍ਹ ਗਏ ਹਨ। ਪ੍ਰਸ਼ਾਸਨ ਨੇ ਇੱਥੇ ਸਾਈਕਲ ਚੇਤਨਾ ਰੈਲੀ ਕੱਢ ਕੇ ਕਿਸਾਨਾਂ ਨੂੰ ਵਾਤਾਵਰਨ ਬਚਾਉਣ ਦਾ ਸੱਦਾ ਦਿੱਤਾ ਹੈ।
ਚੇਤਨਾ ਰੈਲੀ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਪਿਆਰ ਨਾਲ ਸਮਝਾਇਆ ਜਾਵੇ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਨੂੰ ਨੁਕਸਾਨ ਹੁੰਦਾ ਹੈ, ਉਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਤੇ ਉਤਪਾਦਨ ਦਰ ਘਟਦੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਜਾਂ ਨਾੜ ਨੂੰ ਸਾੜਦੇ ਹਨ, ਉਨਾਂ ਦਾ ਇਸ ਕੰਮ ਪਿੱਛੇ ਇੱਕੋ ਬਹਾਨਾ ਹੁੰਦਾ ਹੈ ਕਿ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਨਹੀਂ ਹੁੰਦੀ। ਅਜਿਹੇ ਕਿਸਾਨਾਂ ਲਈ ਇਹ ਐਪਲੀਕੇਸ਼ਨ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ। ਇਸ ਐਪ ਰਾਹੀਂ ਉਨ੍ਹਾਂ ਨੂੰ ਆਪਣੇ ਨੇੜੇ ਅਤੇ ਬਹੁਤ ਸਸਤੀ ਦਰ ’ਤੇ ਮਸ਼ੀਨਰੀ ਮੁਹੱਈਆ ਹੋ ਸਕੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ ‘ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਮਨੁੱਖੀ ਜਾਨਾਂ ਉਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਾਉਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸ਼ਨ ਨੇ ਵੱਖ ਵੱਖ ਪਿੰਡਾਂ ਵਿੱਚ ਸਾਈਕਲ ਰੈਲੀ ਕੱਢੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਲੋਕਾਂ ਨੇ ਹਿੱਸਾ ਲਿਆ।