ਰਵਿੰਦਰ ਰਵੀ
ਬਰਨਾਲਾ/ਧਨੌਲਾ, 16 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਜਵੰਧਾ ਪਿੰਡੀ ਵੱਲੋਂ ਨਾਇਬ ਤਹਿਸੀਲਦਾਰ ਧਨੌਲਾ ਦੇ ਦਫਤਰ ਮੂਹਰੇ ਪੱਕਾ ਮੋਰਚਾ ਸ਼ੂਰੂ ਕਰ ਦਿੱਤਾ ਗਿਆ ਹੈ। ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨੇ ਮੋਰਚੇ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ 23 ਅਪਰੈਲ 2024 ਨੂੰ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਿਸਾਨ ਸੁਖਦੇਵ ਸਿੰਘ ਦੀ 10 ਏਕੜ, ਬਲਵੀਰ ਸਿੰਘ ਦੀ ਚਾਰ ਏਕੜ ਅਤੇ ਗੁਰਮੇਲ ਸਿੰਘ ਅਤਰ ਸਿੰਘ ਵਾਲਾ ਦੀ ਛੇ ਕਨਾਲ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ ਸੀ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀ ਸਪਲਾਈ ਹਮੇਸ਼ਾ ਬੰਦ ਰਹਿੰਦੀ ਹੈ ਪਰ ਉਸ ਦਿਨ ਬਿਜਲੀ ਬੋਰਡ ਨੇ ਸਪਲਾਈ ਚਾਲੂ ਕਰ ਦਿੱਤੀ ਸੀ ਜਿਸ ਕਾਰਨ ਤਾਰਾ ਦੇ ਸਪਾਰਕ ਹੋਣ ਕਾਰਨ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਿਜਲੀ ਵਿਭਾਗ ਵੱਲੋਂ ਇਸ ਦੀ ਰਿਪੋਰਟ ਤੋੜ-ਮਰੋੜ ਕੇ ਪੇਸ਼ ਕਰ ਦਿੱਤੀ ਗਈ ਹੈ ਜਦਕਿ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕੇ ਤੁਹਾਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਮੁਆਵਜ਼ਾ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਮਹੀਨੇ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਹਾਲੇ ਤੱਕ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਮੁਆਵਜ਼ਾ ਮਿਲਣ ਤੱਕ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਗਿਆ ਹੈ। ਕਿਸਾਨ ਆਗੂ ਜਰਨੈਲ ਸਿੰਘ ਨੇ ਦੱਸਿਆ ਕਿ ਜੇ ਪ੍ਰਸ਼ਾਸਨ ਨੇ ਇਹਨਾਂ ਦੀ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕੁਦਰਤੀ ਮਾਰਾਂ ਲਈ ਖੇਤੀਬਾੜੀ ਸੈਕਟਰ ਵਾਸਤੇ ਰਾਖਵਾਂ ਬਜਟ ਰੱਖਿਆ ਜਾਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਕੁਦਰਤੀ ਮਾਰਾਂ ਹੇਠ ਆਏ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ।