ਜੋਗਿੰਦਰ ਸਿੰਘ ਮਾਨ
ਮਾਨਸਾ, 7 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਬੁਰਜ ਰਾਠੀ ਵਿੱਚ ਕੀਤੀ ਗਈ ਰੈਲੀ ਦੌਰਾਨ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਇੱਕ ਕਿਸਾਨ-ਇੱਕ ਮੰਡੀ ਦੇ ਨਾਂ ਹੇਠ ਜਿਹੜੇ ਆਰਡੀਨੈਂਸ ਜਾਰੀ ਕੀਤੇ ਗਏ ਹਨ, ਇਨ੍ਹਾਂ ਦਾ ਬੇਸ਼ੱਕ ਸਿੱਧੇ ਰੂਪ ਵਿੱਚ ਕਿਸਾਨਾਂ-ਮਜ਼ਦੂਰਾਂ ਉਪਰ ਤੁਰੰਤ ਅਸਰ ਪਵੇਗਾ, ਪਰ ਇਸ ਦੀ ਮਾਰ ਤੋਂ ਵਿਦਿਆਰਥੀ, ਮੁਲਾਜ਼ਮ, ਦੁਕਾਨਦਾਰ, ਕਾਰਖਾਨੇਦਾਰ ਵੀ ਨਹੀਂ ਬਚ ਸਕਣਗੇ। ਇਸ ਲਈ ਇਸ ਦੇ ਵਿਰੋਧ ਵਜੋਂ ਸਾਰਿਆਂ ਨੂੰ ਸਾਂਝੇ ਤੌਰ ’ਤੇ ਮੈਦਾਨ ਵਿੱਚ ਇਮਾਨਦਾਰੀ ਨਾਲ ਉਤਰਨਾ ਚਾਹੀਦਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਰਾਜ ਦੀਆਂ 14 ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਇਸ ਵਿਰੁੱਧ ਵਿੱਢੀ ਲਾਮਬੰਦੀ ਤਹਿਤ ਪੰਜਾਬ ਦੇ ਸੰਸਦੀ ਮੈਂਬਰ ਅਤੇ ਰਾਜ ਸਭਾ ਮੈਂਬਰਾਂ ਦੇ ਘਰਾਂ ਅੱਗੇ 27 ਜੁਲਾਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਵਜੋਂ ਪਿੰਡਾਂ ਵਿੱਚ ਰੈਲੀਆਂ ਕਰਨ ਦਾ ਸਿਲਸਿਲਾ ਆਰੰਭ ਹੋ ਗਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਅਤੇ ਸੂਬਾਈ ਆਗੂ ਮੱਖਣ ਸਿੰਘ ਮਾਨ ਨੇ ਕਿਹਾ ਕਿ ਆਰਡੀਨੈਂਸ ਲਾਗੂ ਹੋਣ ਨਾਲ ਕਿਸਾਨ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇੱਕ ਕਿਸਾਨ ਇੱਕ ਮੰਡੀ ਆਰਡੀਨੈਂਸ ਲਾਗੂ ਹੋ ਜਾਣ ਨਾਲ ਕਿਸਾਨੀ ਖਤਮ ਹੋ ਜਾਵੇਗੀ, ਕਿਉਂਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਕਾਰਨ ਕਿਸਾਨ ਖੁਦਕੁਸ਼ੀ ਦੇ ਰਾਹ ਪਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ ਕਣਕ ਤੇ ਝੋਨੇ ਦਾ ਘੱਟੋਂ-ਘੱਟ ਸਮਰਥਨ ਮੁੱਲ ਖਤਮ ਹੋ ਜਾਵੇਗਾ ਤੇ ਕਰਜ਼ੇ ਨਾਲ ਨਪੀੜੀ ਕਿਸਾਨੀ ਬਰਬਾਦ ਹੋ ਜਾਵੇਗੀ। ਇਸ ਮੌਕੇ ਬਲਵਿੰਦਰ ਸ਼ਰਮਾ,ਹਰਦੇਵ ਰਾਠੀ,ਰਾਜ ਅਕਲੀਆ, ਅਮਰੀਕ ਸਿੰਘ, ਮਹਿੰਦਰ ਸਿੰਘ,ਨਰੈਣ ਰਾਮ, ਅਜੈਬ ਸਿੰਘ,ਧਰਮਾ ਸਿੰਘ ਅਤੇ ਨਾਜਰ ਸਿੰਘ ਨੇ ਵੀ ਸੰਬੋਧਨ ਕੀਤਾ।