ਸ਼ਗਨ ਕਟਾਰੀਆ
ਬਠਿੰਡਾ, 6 ਫਰਵਰੀ
‘ਖੇਤੀ ਨੀਤੀ’ ਐਲਾਨਣ ਅਤੇ ਹੋਰ ਮੰਗਾਂ ਲਈ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪੰਜ ਰੋਜ਼ਾ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਇਥੇ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ, ਹਰਿੰਦਰ ਕੌਰ ਬਿੰਦੂ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਨਵੀਂ ਕਿਸਾਨ ਪੱਖੀ ਖੇਤੀ ਨੀਤੀ ਲੰਘੀ 21 ਜਨਵਰੀ ਤੱਕ ਐਲਾਨਣ ਲਈ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਪਰ ਸਰਕਾਰ ਨੇ ਅਜੇ ਤੱਕ ਕੋਈ ਹਿਲਜੁਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਦਾ ਮੰਤਵ ਖੇਤੀ ਮਸਲੇ ਹੱਲ ਕਰਾਉਣ ਅਤੇ ਖੇਤੀ ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿੱਚੋਂ ਮੁਕਤ ਕਰਵਾਉਣ ਸਮੇਤ ਬੇ-ਜ਼ਮੀਨੇ ਤੇ ਗਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਜ਼ਮੀਨ ਦਾ ਪ੍ਰਬੰਧ ਕਰਨਾ ਹੋਣਾ ਚਾਹੀਦਾ ਹੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਕਿਸਾਨੀ ਮਸਲਿਆਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜ ਰੋਜ਼ਾ ਦਿਨ-ਰਾਤ ਦਾ ਧਰਨਾ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤਾ ਗਿਆ, ਜਿਸ ਵਿੱਚ ਪਹਿਲੇ ਦਿਨ ਸੈਂਕੜੇ ਕਿਸਾਨਾਂ ਨੇ ਹਾਜ਼ਰੀ ਭਰੀ।ਧਰਨੇ ਦੌਰਾਨ ਜੁੜੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਪੱਖੀ ਖੇਤੀ ਨੀਤੀ ਲੈ ਕੇ ਆਵੇ ਜਿਸ ਨਾਲ ਕਿਸਾਨਾਂ ਦਾ ਫਾਇਦਾ ਹੋਵੇ।
ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਸਰਕਾਰ ਦੇ ਵਾਅਦੇ ਮੁਤਾਬਕ ਨਵੀਂ ਖੇਤੀ ਨੀਤੀ ਨੂੰ ਲਾਗੂ ਕਰਵਾਉਣ ਲਈ ਡੀਸੀ ਦਫ਼ਤਰ ਅੱਗੇ ਮੋਰਚਾ ਆਰੰਭ ਦਿੱਤਾ ਗਿਆ। ਬੁਲਾਰਿਆਂ ’ਚ ਸ਼ਾਮਲ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤਾ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ , ਖਜ਼ਾਨਚੀ ਭਗਤ ਸਿੰਘ ਛੰਨਾ ਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਆਦਿ ਨੇ ਕਿਹਾ ਕਿ ਕਿਸਾਨ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਬੁਨਿਆਦੀ ਮੰਗਾਂ ਫੌਰੀ ਲਾਗੂ ਕੀਤੀਆਂ ਜਾਣ ਨਹੀਂ ਤਾਂ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਪੂਰੇ ਪੰਜਾਬ ਵਿੱਚ ਮੋਰਚੇ ਸ਼ੂਰੂ ਕੀਤੇ ਜਾਣਗੇ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇਥੇ ਡੀਸੀ ਦਫਤਰ ਅੱਗੇ ਸ਼ੁਰੂ ਕੀਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਗੁਰਪਾਸ਼ ਸਿੰਘ ਸਿੰਘੇਵਾਲਾ, ਗੁਰਮੀਤ ਸਿੰਘ ਬਿੱਟੂ ਮੱਲਣ, ਗੁਰਭਗਤ ਸਿੰਘ ਭਲਾਈਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ ਅਤੇ ਮਾਸਟਰ ਰਾਮਸਵਰਨ ਸਿੰਘ ਲੱਖੇਵਾਲੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਕਰ ਕੇ ਕਿਸਾਨ ਮਜ਼ਦੂਰ ਪੱਖੀ ਨਵੀਂ ਖੇਤੀ ਨੀਤੀ ਬਣਾਉਣ ਤੋਂ ਭੱਜਣਾ ਰੋਕ ਕੇ ਤਰੁੰਤ ਲਾਗੂ ਕਰਵਾਉਣ, ਬੇਜ਼ਮੀਨੇ ਗਰੀਬ ਕਿਸਾਨਾਂ ਮਜ਼ਦੂਰਾਂ ਦੀ ਜ਼ਮੀਨੀ ਤੋਟ ਪੂਰੀ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਹਾਸਿਲ ਕਰਨ ਸਮੇਤ ਜ਼ਬਰਨ ਕਰਜ਼ਾ ਵਸੂਲੀ ਲਈ ਜ਼ਮੀਨਾਂ ਮਕਾਨਾਂ ਆਦਿ ਦੀਆਂ ਕੁਰਕੀਆਂ ਨਿਲਾਮੀਆਂ ਦੇ ਖਾਤਮੇ ਵਾਲਾ ਕਰਜ਼ਾ ਕਾਨੂੰਨ ਬਣਾਉਣ, ਫ਼ਸਲੀ ਤਬਾਹੀਆਂ ਦੇ ਲਟਕ ਰਹੇ ਮੁਆਵਜ਼ੇ ਤਰੁੰਤ ਲੈਣ, ਪਾਣੀ ਦੇ ਕਾਰਪੋਰੇਟੀਕਰਨ ਦੀ ਨੀਤੀ ਰੱਦ, ਕਰਨ, ਸਾਰੀਆਂ ਫਸਲਾਂ ਤੇ ਐਮ ਐਸ ਪੀ ਦੇਣ ਝੋਨੇ ਦੀ ਥਾਂ ਬਦਲਵੀਆਂ ਫ਼ਸਲਾਂ ਦੇ ਲਾਭਕਾਰੀ ਮੁੱਲ ਤੇ ਮੰਡੀਕਰਨ ਦੀ ਗਾਰੰਟੀ, ਫ਼ਸਲੀ ਬੀਮਾ ਯੋਜਨਾ ਲਾਗੂ ਕਰਨ ਵਰਗੇ ਮੁੱਦੇ ਹਨ।
ਮੋਗਾ ’ਚ ਸਕੱਤਰੇਤ ਅੱਗੇ ਗਰਜੀਆਂ ਬੀਬੀਆਂ
ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਦੇ ਸੰਦਰਭ ਵਿੱਚ ਜ਼ਿਲ੍ਹਾ ਸਕੱਤਰੇਤ ਅੱਗੇ ਪੰਜ ਰੋਜ਼ਾ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਧਰਨੇ ਵਿਚ ਵੱਡੀ ਗਿਣਤੀ ਕਿਸਾਨ ਬੀਬੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਸੁਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ, ਸੂਬਾ ਆਗੂ ਬਲੌਰ ਸਿੰਘ ਘਾਲੀ,ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਿਛਲੇ ਸਮੇਂ ਵਿੱਚ ਉਨ੍ਹਾਂ ਦੀਆਂ ਕੁੱਝ ਮੰਗਾਂ ਮੰਨ ਲਈਆਂ ਸਨ ਪਰ ਇਨ੍ਹਾਂ ਨੂੰ ਲਾਗੂ ਨਹੀਂ ਕੀਤੀ ਗਿਆ ਅਤੇ ਮੁਕਰ ਰਹੀ ਹੈ।