ਰਮਨਦੀਪ ਸਿੰਘ
ਚਾਉਕੇ, 9 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸ ਵਿਰੁੱਧ ਮੋਦੀ ਹਕੂਮਤ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ 15 ਤੋਂ 21 ਅਗਸਤ ਤੱਕ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ-ਭਾਜਪਾ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿੱਚ ਵੜਨ ਤੋਂ ਰੋਕਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਮਾਸਟਰ ਸੁਖਦੇਵ ਸਿੰਘ ਜਵੰਦਾ ਦੀ ਪ੍ਰਧਾਨਗੀ ਹੇਠ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿੱਚ ਬਲਾਕ ਪੱਧਰੀ ਮੀਟਿੰਗ ਹੋਈ। ਨਿੱਕਾ ਸਿੰਘ ਜੇਠੂਕੇ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ ਸੱਤਾਧਾਰੀ ਨੁਮਾਇੰਦਿਆਂ ਲਈ ਪਿੰਡਾਂ ਵਿੱਚ ਕੋਈ ਦਾਖਲਾ ਨਹੀਂ ਦੇ ਲਿਖਤੀ ਬੈਨਰ ਪਿੰਡਾਂ ਦੇ ਮੁੱਖ ਰਸਤਿਆਂ ’ਤੇ ਲਟਕਾ ਕੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਉਣ ਵਾਲੇ ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸੁਆਲ ਹੀ ਪੁੱਛੇ ਜਾਣਗੇ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਸਮੇਂ ਸੂਬਾ ਆਗੂ ਹਰਿੰਦਰ ਬਿੰਦੂ, ਪਰਮਜੀਤ ਕੌਰ ਪਿੱਥੋ, ਅਮਨਦੀਪ ਕੌਰ, ਗੁਲਾਬ ਸਿੰਘ ਜਿਉਂਦ, ਬੂਟਾ ਸਿੰਘ ਬੱਲ੍ਹੋ, ਬਿੰਦਰ ਸਿੰਘ ਜੈਦ, ਸਿਮਰਨਜੀਤ ਸਿੰਘ, ਹਰੀ ਸਿੰਘ ਅਤੇ ਬਲਦੇਵ ਸਿੰਘ ਹਾਜ਼ਰ ਸਨ।