ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 8 ਜੁਲਾਈ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕਰੋਨਾ ਮਹਾਮਾਰੀ ਨੇਮਾਂ ਦੀ ਪਾਲਣਾ ਨਾ ਕਰਨ ’ਤੇ ਮੁਕਤਸਰ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਖ਼ਿਲਾਫ਼ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਧਾਰਾ 188, 269 ਆਈਪੀਸੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 5 ਜੁਲਾਈ ਨੂੰ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਬਰਕੰਦੀ ਵਿੱਚ ਆਪਣੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨਾਲ ਇੱਕ ਬੈਠਕ ਕੀਤੀ ਸੀ, ਜਿਸ ਵਿੱਚ ਕਰੀਬ 100 ਵਰਕਰ ਇਕੱਠੇ ਹੋਏ ਸਨ। ਬੈਠਕ ਵਿੱਚ ਨਾ ਤਾਂ ਮਾਸਕ ਪਹਿਨਣ ਤੇ ਨਾ ਹੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਗਿਆ। ਇਸੇ ਕਰਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਖ਼ਿਲਾਫ਼ ਬਿਨਾਂ ਮਨਜ਼ੂਰੀ ਇਕੱਠ ਕਰਨ ਅਤੇ ਕਰੋਨਾ ਮਹਾਮਾਰੀ ਦੇ ਨੇਮਾਂ ਦੀ ਪਾਲਣਾ ਨਾ ਕਰਨ ’ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।