ਜੋਗਿੰਦਰ ਸਿੰਘ ਮਾਨ
ਮਾਨਸਾ, 6 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮਾਨਸਾ ਜ਼ਿਲ੍ਹੇ ਦੀ 10 ਦਸੰਬਰ ਨੂੰ ਪਲੇਠੀ ਫੇਰੀ ਜ਼ਿਲ੍ਹਾ ਪ੍ਰਸ਼ਾਸਨ ਲਈ ਸਿਰਦਰਦੀ ਬਣ ਗਈ ਹੈ। ਲੋਕ ਲਹਿਰਾਂ ਨਾਲ ਜੁੜੇ ਇਸ ਜ਼ਿਲ੍ਹੇ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆਂ ਦਾ ਜ਼ੋਰ ਹੋਣ ਕਾਰਨ ਰੈਲੀ ਦੌਰਾਨ ਮੁਰਦਾਬਾਦ ਹੋਣ ਤੋਂ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਘਬਰਾਏ ਹੋਏ ਹਨ। ਪ੍ਰਸ਼ਾਸਨ ਹੁਣ ਜਥੇਬੰਦੀਆਂ ਦੇ ਮੁੱਖ ਮੰਤਰੀ ਦੀ ਫੇਰੀ ਦੌਰਾਨ ਰੌਂਅ ਨੂੰ ਜਾਨਣ ਲੱਗਿਆ ਹੋਇਆ ਹੈ ਤਾਂ ਜੋ ਵਿਰੋਧ ਕਰਨ ਵਾਲਿਆਂ ਨੂੰ ਪਹਿਲਾਂ ਹੀ ਪਲੋਸਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਟਿੱਕਰੀ ਬਾਰਡਰ ’ਤੇ ਟਿੱਪਰ ਟੱਕਰ ਵਿੱਚ ਮਾਰੀਆਂ ਗਈਆਂ ਤਿੰਨ ਔਰਤ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਜ਼ਖ਼ਮੀ ਹੋਈ ਇੱਕ ਔਰਤ ਲਈ ਐਲਾਨੇ 3 ਲੱਖ ਰੁਪਏ ਮੁਆਵਜ਼ਾ ਅਜੇ ਤੱਕ ਨਾ ਦੇਣ ਦੇ ਵਿਰੋਧ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਵੱਲੋਂ ਮੁੱਖ ਮੰਤਰੀ ਦੇ ਘਿਰਾਓ ਕਰਨ ਦਾ ਐਲਾਨ ਪਹਿਲਾਂ ਕੀਤਾ ਚੁੱਕਾ ਹੈ।
ਉਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਸ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਸਥਾਨਕ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਅਤੇ ਮਾਰਕੀਟ ਕਮੇਟੀ ਦਫ਼ਤਰ ਤੋਂ ਆਏ ਅਧਿਕਾਰੀਆਂ ਨੂੰ ਨਵੀਂ ਦਾਣਾ ਮੰਡੀ ਪ੍ਰੋਗਰਾਮ ਵਾਲੇ ਸਥਾਨ ’ਤੇ ਸਾਫ ਸਫਾਈ ਦੇ ਲੋੜੀਂਦੇ ਪ੍ਰਬੰਧ ਤੁਰੰਤ ਦੇਖਣ ਅਤੇ ਪਹਿਲਕਦਮੀ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਸਮੇਤ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਹੈਲੀਪੈਡ, ਪੰਡਾਲ ਦੀ ਸਮਰੱਥਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।